ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਬੋਲਣਾ ਚਾਹੀਦਾ ਸੀ, ਰੇਲਵੇ ਸਟੇਸ਼ਨ ਦੇ ਉਦਘਾਟਨ ਤੱਕ ਸੀਮਤ ਰਹਿਣਾ ਦੁੱਖਦਾਈ: ਪਰਗਟ ਸਿੰਘ
Pargat Singh Punjab Congress; ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸਿਰਫ਼ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਦੀ ਬਜਾਏ ਪੰਜਾਬ ਅਤੇ ਦੇਸ਼ ਨਾਲ ਜੁੜੇ ਗੰਭੀਰ ਅਤੇ ਜਲੰਤ ਮੁੱਦਿਆਂ ‘ਤੇ ਆਪਣਾ ਪੱਖ ਰੱਖਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪ੍ਰਸਤਾਵਿਤ ਅਮਰੀਕਾ-ਭਾਰਤ ਟਰੇਡ ਡੀਲ ਕਾਰਨ ਕਿਸਾਨਾਂ ‘ਤੇ ਪੈਣ ਵਾਲੇ ਸੰਭਾਵਿਤ ਮਾੜੇ ਪ੍ਰਭਾਵਾਂ, ਪੰਜਾਬ ਵਿੱਚ ਮਨਰੇਗਾ ਮਜ਼ਦੂਰਾਂ ਨਾਲ ਹੋ ਰਹੇ ਧੱਕੇਸ਼ਾਹੀ ਭਰੇ ਵਿਵਹਾਰ ਅਤੇ ਹਾਲ ਹੀ ਵਿੱਚ ਮਜ਼ਦੂਰਾਂ ‘ਤੇ ਹੋਏ ਲਾਠੀਚਾਰਜ ਵਰਗੇ ਮੁੱਦਿਆਂ ‘ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਸੀ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਪ੍ਰਧਾਨ ਮੰਤਰੀ ਇਨ੍ਹਾਂ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਰੇਲਵੇ ਸਟੇਸ਼ਨ ਵਰਗੇ ਮੁਕਾਬਲਤਨ ਛੋਟੇ ਪ੍ਰੋਜੈਕਟਾਂ ਦੇ ਉਦਘਾਟਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਬਾਥਰੂਮਾਂ ਦੇ ਉਦਘਾਟਨ ਕਰਕੇ ਆਪਣੀ ਪਿੱਠ ਥਪਥਪਾਉਂਦੇ ਰਹੇ, ਜੋ ਬਹੁਤ ਹੀ ਸ਼ਰਮਨਾਕ ਸੀ। ਹੁਣ ਪ੍ਰਧਾਨ ਮੰਤਰੀ ਦਾ ਵੀ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਤੱਕ ਸੀਮਤ ਰਹਿਣਾ ਦੁੱਖਦਾਈ ਹੈ।
ਉਨ੍ਹਾਂ ਕਿਹਾ ਕਿ ਜੇ ਅਮਰੀਕਾ-ਭਾਰਤ ਟਰੇਡ ਡੀਲ ਲਾਗੂ ਹੁੰਦੀ ਹੈ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਦੇਸ਼ ਦੇ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਝੱਲਣਾ ਪਵੇਗਾ। ਇਸ ਦੇ ਪ੍ਰਭਾਵ ਆਉਣ ਵਾਲੇ ਕਈ ਸਾਲਾਂ ਤੱਕ ਮਹਿਸੂਸ ਕੀਤੇ ਜਾਣਗੇ ਅਤੇ ਇਸ ਦੀ ਭਰਪਾਈ ਕਰਨੀ ਆਸਾਨ ਨਹੀਂ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ।
ਮਨਰੇਗਾ ਦੇ ਮੁੱਦੇ ‘ਤੇ ਪਰਗਟ ਸਿੰਘ ਨੇ ਪੰਜਾਬ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਦੇ ਦਬਾਅ ਹੇਠ ਮਨਰੇਗਾ ਲਾਗੂ ਕੀਤਾ ਅਤੇ ਹੁਣ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਕਹਿ ਰਹੀ ਹੈ ਕਿ ਇਹ ਕੇਂਦਰ ਸਰਕਾਰ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਹੀ ਸਰਕਾਰ ਪਹਿਲਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਮਨਰੇਗਾ ਦੇ ਵਿਰੋਧ ਵਿੱਚ ਮਤਾ ਪਾਸ ਕਰ ਚੁੱਕੀ ਹੈ। ਇਸ ਨਾਲ ਆਮ ਆਦਮੀ ਪਾਰਟੀ ਦਾ ਦੋਹਰਾ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ।
ਪਰਗਟ ਸਿੰਘ ਨੇ ਕਿਹਾ ਕਿ ਆਉਣ ਵਾਲੇ ਮਾਨਸੂਨ ਸੈਸ਼ਨ ਵਿੱਚ ਕੇਂਦਰ ਸਰਕਾਰ 131ਵਾਂ ਸੰਵਿਧਾਨਕ ਸੋਧ ਬਿੱਲ ਲਿਆਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਅਜਿਹਾ ਕੀਤਾ ਗਿਆ ਤਾਂ ਕਾਂਗਰਸ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਜਨ ਅੰਦੋਲਨ ਸ਼ੁਰੂ ਕਰੇਗੀ ਅਤੇ ਲੋਕਤੰਤਰੀ ਢੰਗ ਨਾਲ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਕੇ ਇਹ ਪ੍ਰਭਾਵ ਦੇਣਾ ਚਾਹੁੰਦੀ ਹੈ ਕਿ ਸਿਰਫ਼ ਭਾਜਪਾ ਹੀ ਪੰਜਾਬ ਨੂੰ ਬਚਾ ਅਤੇ ਸੰਭਾਲ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਅਸਿੱਧੇ ਤੌਰ ‘ਤੇ ਭਾਜਪਾ ਦੀ ਇਸੇ ਰਾਜਨੀਤੀ ਨੂੰ ਅੱਗੇ ਵਧਾਉਣ ਦਾ ਕੰਮ ਕਰ ਰਹੀ ਹੈ।
ਕਾਂਗਰਸ ਵਿੱਚ ਕਥਿਤ ਧੜੇਬੰਦੀ ਦੇ ਸਵਾਲ ‘ਤੇ ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਮੰਨਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਬਣੇ ਮਾਹੌਲ ਕਾਰਨ ਪਾਰਟੀ ਨੂੰ ਕੁਝ ਨੁਕਸਾਨ ਜ਼ਰੂਰ ਹੋਇਆ ਹੈ, ਪਰ ਕਾਂਗਰਸ ਸੰਗਠਨ ਪੂਰੀ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਰੈਲੀ ਦੌਰਾਨ ਹੋਈ ਧੱਕਾ-ਮੁੱਕੀ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰੀ ਰਾਜਨੀਤੀ ਵਿੱਚ ਅਜਿਹੀਆਂ ਘਟਨਾਵਾਂ ਦੀ ਕੋਈ ਥਾਂ ਨਹੀਂ ਹੈ।
ਅੰਤ ਵਿੱਚ ਪਰਗਟ ਸਿੰਘ ਨੇ ਨੀਟ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਆਰਿਆਨ ਗੁਪਤਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪੂਰੀ ਪਾਰਦਰਸ਼ਤਾ ਨਾਲ ਅਤੇ ਬਿਨਾਂ ਪੇਪਰ ਲੀਕ ਦੇ ਕਰਵਾਈਆਂ ਜਾਣ ਤਾਂ ਦੇਸ਼ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਸਨਮਾਨ ਮਿਲੇਗਾ ਅਤੇ ਯੋਗ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹੇਗਾ।