ਅੰਮ੍ਰਿਤਸਰ ‘ਚ ਬਿਜਲੀ ਸੰਕਟ ‘ਤੇ ਹੰਗਾਮਾ, 36 ਘੰਟੇ ਬਿਜਲੀ ਗੁੱਲ, ਸੜਕਾਂ ‘ਤੇ ਉਤਰੇ ਲੋਕ
Amritsar power cut; ਛੇਹਰਟਾ ਅਤੇ ਕੋਟ ਖਾਲਸਾ ਇਲਾਕੇ ਵਿੱਚ ਪਿਛਲੇ ਕਰੀਬ 36 ਘੰਟਿਆਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦਾ ਗੁੱਸਾ ਸੜਕਾਂ ‘ਤੇ ਫੁੱਟ ਪਿਆ। ਗੁੱਸੇ ਵਿੱਚ ਆਏ ਸੈਂਕੜੇ ਇਲਾਕਾ ਵਾਸੀਆਂ ਨੇ ਅਟਾਰੀ-ਵਾਘਾ ਨੈਸ਼ਨਲ ਹਾਈਵੇ ‘ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਬਿਜਲੀ ਬੋਰਡ) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਾਰਨ ਹਾਈਵੇ ‘ਤੇ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਕੱਲ੍ਹ ਸਵੇਰੇ ਤੋਂ ਬਿਜਲੀ ਸਪਲਾਈ ਬੰਦ ਹੈ, ਜਿਸ ਕਾਰਨ ਪਾਣੀ ਦੀ ਸਪਲਾਈ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਲੋਕਾਂ ਦਾ ਕਹਿਣਾ ਸੀ ਕਿ ਘਰਾਂ ਵਿੱਚ ਨਾ ਬਿਜਲੀ ਹੈ ਅਤੇ ਨਾ ਹੀ ਪੀਣ ਵਾਲਾ ਪਾਣੀ। ਗਰਮੀ ਦੇ ਮੌਸਮ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਲਈ ਉਨ੍ਹਾਂ ਨੂੰ ਬਾਜ਼ਾਰ ਤੋਂ ਬੋਤਲਾਂ ਖਰੀਦਣੀਆਂ ਪੈ ਰਹੀਆਂ ਹਨ, ਜਦਕਿ ਰੋਟੀ ਪਕਾਉਣ ਅਤੇ ਰੋਜ਼ਾਨਾ ਦੇ ਹੋਰ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।
ਪ੍ਰਦਰਸ਼ਨਕਾਰੀ ਰਜਿੰਦਰ ਕੌਰ ਨੇ ਕਿਹਾ ਕਿ ਕੋਟ ਖਾਲਸਾ ਇਲਾਕੇ ਵਿੱਚ ਕੱਲ੍ਹ ਤੋਂ ਬਿਜਲੀ ਨਹੀਂ ਹੈ ਅਤੇ ਪਾਣੀ ਦੀ ਵੀ ਭਾਰੀ ਕਿਲਤ ਹੈ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਬੱਚੇ ਘਰਾਂ ਵਿੱਚ ਪਰੇਸ਼ਾਨ ਹਨ ਅਤੇ ਪਰਿਵਾਰਾਂ ਨੂੰ ਮਜਬੂਰੀ ਵਿੱਚ ਪਾਣੀ ਖਰੀਦ ਕੇ ਪੀਣਾ ਪੈ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਿਰ ਲੋਕ ਕਿੰਨਾ ਸਮਾਂ ਮਹਿੰਗਾ ਪਾਣੀ ਖਰੀਦ ਕੇ ਆਪਣਾ ਗੁਜ਼ਾਰਾ ਕਰਨਗੇ।
ਇੱਕ ਹੋਰ ਪ੍ਰਦਰਸ਼ਨਕਾਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਬਿਜਲੀ ਨਾ ਹੋਣ ਕਾਰਨ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੈ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਲਈ ਹਰ ਰੋਜ਼ ਪਾਣੀ ਖਰੀਦਣਾ ਸੰਭਵ ਨਹੀਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਤੁਰੰਤ ਹੱਲ ਕੱਢਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।
ਇਸੇ ਦੌਰਾਨ ਹਰਪਾਲ ਸਿੰਘ ਨੇ ਕਿਹਾ ਕਿ 24 ਘੰਟਿਆਂ ਤੋਂ ਬਿਜਲੀ ਨਾ ਹੋਣ ਕਾਰਨ ਘਰਾਂ ਵਿੱਚ ਹਾਲਾਤ ਬੇਹੱਦ ਖਰਾਬ ਹੋ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਾ ਕੋਈ ਜਨ ਪ੍ਰਤੀਨਿਧੀ ਲੋਕਾਂ ਦੀ ਸਾਰ ਲੈ ਰਿਹਾ ਹੈ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਅੱਜ ਜ਼ਮੀਨੀ ਹਕੀਕਤ ਵਿੱਚ ਨਜ਼ਰ ਨਹੀਂ ਆ ਰਹੇ।
ਪ੍ਰਦਰਸ਼ਨ ਵਿੱਚ ਸ਼ਾਮਲ ਅਸ਼ੋਕ ਕੁਮਾਰ ਨੇ ਕਿਹਾ ਕਿ ਲੋਕ ਸਰਕਾਰ ਤੋਂ ਕੋਈ ਮੁਫ਼ਤ ਸਹੂਲਤ ਨਹੀਂ ਮੰਗ ਰਹੇ, ਸਗੋਂ ਆਪਣੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਨੂੰ ਇਨ੍ਹਾਂ ਮੁੱਢਲੀਆਂ ਸਹੂਲਤਾਂ ਲਈ ਸੜਕਾਂ ‘ਤੇ ਨਾ ਉਤਰਨਾ ਪਵੇ।
ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਬਿਜਲੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਸਰਕਾਰ ਅਤੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਤੁਰੰਤ ਦਖ਼ਲ ਦੇ ਕੇ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ।
ਇਸ ਮੌਕੇ ਜਦੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਹੜਤਾਲ ਤੇ ਹਨ ਜਿਥੇ ਚਲਦੇ ਕਿਸੇ ਵੀ ਅਧਿਕਾਰੀਆਂ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ
