ਹਿਮਾਚਲ ‘ਚ ਦਰਦਨਾਕ ਹਾਦਸਾ, ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 2 ਦੀ ਮੌਤ, 13 ਜ਼ਖ਼ਮੀ
Himachal Bus Accident; ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਸ਼ਾਹਤਲਾਈ ਨੇੜੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਅੰਮ੍ਰਿਤਸਰ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 13 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦਾ ਇਲਾਜ ਪੀਜੀਆਈ ਚੰਡੀਗੜ੍ਹ, ਹਮੀਰਪੁਰ ਮੈਡੀਕਲ ਕਾਲਜ ਅਤੇ ਬੜਸਰ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸ਼ਰਧਾਲੂ ਐਤਵਾਰ ਨੂੰ ਬਾਬਾ ਬਾਲਕ ਨਾਥ ਮੰਦਰ ਵਿੱਚ ਦਰਸ਼ਨ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਪਰਤ ਰਹੇ ਸਨ। ਰਾਤ ਕਰੀਬ 10:30 ਵਜੇ ਸ਼ਾਹਤਲਾਈ ਨੇੜੇ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ ਕਾਵਿਆ ਪੁੱਤਰ ਕੁਲਦੀਪ ਕੁਮਾਰ ਅਤੇ ਰਿਤੇਸ਼ ਪੁੱਤਰ ਅਜੈ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਮਚੀ ਹਫੜਾ-ਦਫੜੀ
ਬੱਸ ਪਲਟਣ ਨਾਲ ਮੌਕੇ ‘ਤੇ ਚੀਕ-ਪੁਕਾਰ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ, ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਕੇ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।
ਬੜਸਰ ਹਸਪਤਾਲ ਵਿੱਚ ਚੱਲ ਰਿਹਾ ਇਲਾਜ
ਸੱਤ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ ਬੜਸਰ ਵਿੱਚ ਚੱਲ ਰਿਹਾ ਹੈ। ਗੰਭੀਰ ਜ਼ਖ਼ਮੀ ਇੱਕ ਸ਼ਰਧਾਲੂ ਨੂੰ ਪੀਜੀਆਈ ਚੰਡੀਗੜ੍ਹ ਅਤੇ ਦੋ ਹੋਰਾਂ ਨੂੰ ਹਮੀਰਪੁਰ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕੀਤਾ ਗਿਆ ਹੈ। ਕੁਝ ਜ਼ਖ਼ਮੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਵੀ ਦੇ ਦਿੱਤੀ ਗਈ ਹੈ।
ਬੱਸ ਵਿੱਚ 35 ਤੋਂ ਵੱਧ ਸ਼ਰਧਾਲੂ ਸਵਾਰ ਸਨ। ਜ਼ਿਆਦਾਤਰ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਹਾਦਸੇ ਵਿੱਚ ਨਵਦੀਪ, ਦੂਸ਼ਨ, ਰੇਣੂ, ਗੁਰਪ੍ਰੀਤ, ਸੁਖਵਿੰਦਰ, ਜਸਵੀਰ ਅਤੇ ਕਾਜਲ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ, ਜਦਕਿ ਅੰਸ਼ ਅਤੇ ਵੰਸ਼ ਨੂੰ ਗੰਭੀਰ ਸੱਟਾਂ ਆਈਆਂ ਹਨ। ਸ਼ਿਵ ਨਾਮਕ ਸ਼ਰਧਾਲੂ ਨੂੰ ਗੰਭੀਰ ਹਾਲਤ ਕਾਰਨ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ।
ਸ਼ਾਹਤਲਾਈ ਦਾ ਪੀਐਚਸੀ ਬੰਦ ਹੋਣ ਕਾਰਨ ਬੜਸਰ ਕੀਤਾ ਰੈਫਰ
ਜ਼ਖ਼ਮੀਆਂ ਨੂੰ ਪਹਿਲਾਂ ਸ਼ਾਹਤਲਾਈ ਦੇ ਪ੍ਰਾਇਮਰੀ ਹੈਲਥ ਸੈਂਟਰ (ਪੀਐਚਸੀ) ਲਿਜਾਇਆ ਗਿਆ, ਪਰ ਉੱਥੇ ਸਿਹਤ ਕੇਂਦਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬੜਸਰ ਰੈਫਰ ਕਰਨਾ ਪਿਆ। ਹਸਪਤਾਲ ਵਿੱਚ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ
ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ। ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਮੁਕੰਮਲ ਕਰ ਲਿਆ ਗਿਆ ਹੈ ਅਤੇ ਜ਼ਖ਼ਮੀਆਂ ਨੂੰ ਲੋੜੀਂਦੀ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਸਥਾਨਕ ਪ੍ਰਸ਼ਾਸਨ ਨੇ ਜ਼ਖ਼ਮੀਆਂ ਨੂੰ 1,500 ਰੁਪਏ ਤੋਂ 10,000 ਰੁਪਏ ਤੱਕ ਦੀ ਫੌਰੀ ਆਰਥਿਕ ਸਹਾਇਤਾ ਦਿੱਤੀ ਹੈ, ਜਦਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਹਜ਼ਾਰ ਰੁਪਏ ਦੀ ਤੁਰੰਤ ਰਾਹਤ ਰਾਸ਼ੀ ਪ੍ਰਦਾਨ ਕੀਤੀ ਗਈ ਹੈ।
