ਫਾਰਮੇਸੀ ਅਫਸਰ ਭਰਤੀ ਘੁਟਾਲੇ ‘ਤੇ ਕਾਂਗਰਸ ਦਾ ਹੱਲਾ ਬੋਲ, ਬਾਬਾ ਫਰੀਦ ਯੂਨੀਵਰਸਿਟੀ ਅੱਗੇ ਪ੍ਰਦਰਸ਼ਨ
Faridkot Pharmacy Exam Controversy Congress Protest; ਫਰੀਦਕੋਟ ਵਿੱਚ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਧਰਨਾ ਦਿੱਤਾ। ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਧਰਨੇ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਸਰਕਾਰੀ ਨੌਕਰੀ ਨਿਰਪੱਖ ਢੰਗ ਨਾਲ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਭਰਤੀ ਪ੍ਰੀਖਿਆਵਾਂ ਵਿੱਚ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਈਆਂ ਹਨ ਅਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿਵਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ ਗਏ।
ਚੰਨੀ ਨੇ ਇਹ ਵੀ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਦੇ ਆਗੂਆਂ ਨੇ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਪੈਸਾ ਇਕੱਠਾ ਕਰਨ ਦਾ ਕੰਮ ਕੀਤਾ।
ਇਸ ਧਰਨੇ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਪਹਾੜਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ, ਸਾਬਕਾ ਸੰਸਦ ਮੈਂਬਰ ਮੁਹੰਮਦ ਸਾਦਿਕ, ਕਰਨ ਕੌਰ ਬਰਾੜ, ਦਰਸ਼ਨ ਸਿੰਘ ਬਰਾੜ ਅਤੇ ਕਾਕਾ ਲੌਹਗੜ੍ਹ ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਰਹੇ।
ਚੰਨੀ ਬੋਲੇ – ਇਹ ਸਿਰਫ਼ ਪੇਪਰ ਲੀਕ ਦਾ ਮਾਮਲਾ ਨਹੀਂ
ਚੰਨੀ ਨੇ ਕਿਹਾ ਕਿ ਇਹ ਸਿਰਫ਼ ਪੇਪਰ ਲੀਕ ਜਾਂ ਹਾਈਟੈਕ ਨਕਲ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਨੌਕਰੀਆਂ ਵੇਚੀਆਂ ਜਾ ਰਹੀਆਂ ਹਨ ਅਤੇ ਚਹੇਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਈ ਮਾਮਲਿਆਂ ਵਿੱਚ ਹਰਿਆਣਾ ਦੇ ਲੋਕਾਂ ਨੂੰ ਵੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਹਰ ਭਰਤੀ ਦੀ ਜਾਂਚ ਕਰਕੇ ਪੂਰਾ ਹਿਸਾਬ ਲਿਆ ਜਾਵੇਗਾ।
ਸਫਾਈ ਸੇਵਕਾਂ ਅਤੇ ਵਕੀਲਾਂ ਦੇ ਧਰਨੇ ਨੂੰ ਵੀ ਦਿੱਤਾ ਸਮਰਥਨ
ਯੂਨੀਵਰਸਿਟੀ ਦੇ ਧਰਨੇ ਤੋਂ ਪਹਿਲਾਂ ਚੰਨੀ ਨੇ ਨਗਰ ਕੌਂਸਲ ਦਫ਼ਤਰ ਸਾਹਮਣੇ ਚੱਲ ਰਹੇ ਸਫਾਈ ਸੇਵਕਾਂ ਦੇ ਧਰਨੇ ਅਤੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵਕੀਲਾਂ ਦੇ ਧਰਨੇ ਵਿੱਚ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਉਨ੍ਹਾਂ ਦੀਆਂ ਮੰਗਾਂ ਨੂੰ ਸੰਸਦ ਵਿੱਚ ਉਠਾਉਣ ਦਾ ਭਰੋਸਾ ਦਿੱਤਾ।
ਧਰਨੇ ਵਿੱਚ ਵੀ ਨਜ਼ਰ ਆਈ ਪੰਜਾਬ ਕਾਂਗਰਸ ਦੀ ਗੁੱਟਬੰਦੀ
ਇਸ ਧਰਨੇ ਦੌਰਾਨ ਪੰਜਾਬ ਕਾਂਗਰਸ ਦੀ ਅੰਦਰੂਨੀ ਗੁੱਟਬੰਦੀ ਵੀ ਸਾਹਮਣੇ ਆਈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਜੁੜੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਉਨ੍ਹਾਂ ਦੇ ਸਮਰਥਕ ਇਸ ਧਰਨੇ ਤੋਂ ਦੂਰ ਰਹੇ। ਉਨ੍ਹਾਂ ਇਸੇ ਮਾਮਲੇ ‘ਤੇ 31 ਜੁਲਾਈ ਨੂੰ ਵੱਖਰਾ ਧਰਨਾ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਰਾਜਾ ਵੜਿੰਗ ਖੁਦ ਸ਼ਾਮਲ ਹੋਣਗੇ।