ਤਰਨ ਤਾਰਨ ਪੁਲਿਸ ਦੀ ਵੱਡੀ ਕਾਮਯਾਬੀ, 1 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ ਤਸਕਰ ਗ੍ਰਿਫ਼ਤਾਰ
Punjab Breaking News; ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੀਆਈਏ ਸਟਾਫ਼ ਤਰਨ ਤਾਰਨ ਨੇ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 1 ਕਿਲੋ 17 ਗ੍ਰਾਮ ਹੈਰੋਇਨ, 4 ਨਾਜਾਇਜ਼ .30 ਬੋਰ ਪਿਸਤੌਲ, 3 ਮੈਗਜ਼ੀਨ, 2 ਜ਼ਿੰਦਾ ਕਾਰਤੂਸ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਸੰਦੀਪ ਸ਼ਰਮਾ ਦੀ ਅਗਵਾਈ ਹੇਠ, ਐਸਐਸਪੀ ਤਰਨ ਤਾਰਨ ਸੁਰਿੰਦਰ ਲਾਂਬਾ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਇਹ ਕਾਰਵਾਈ ਕੀਤੀ ਗਈ। ਐਸਪੀ (ਡੀ) ਰਿਪੁਤਾਪ ਸਿੰਘ ਅਤੇ ਡੀਐਸਪੀ (ਡੀ) ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਟੀਮ ਨੇ ਗੁਪਤ ਅਤੇ ਤਕਨੀਕੀ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕਰਕੇ ਇਹ ਸਫ਼ਲਤਾ ਹਾਸਲ ਕੀਤੀ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨੰਦਪੁਰ ਦਾ ਰਹਿਣ ਵਾਲਾ ਰਛਪਾਲ ਸਿੰਘ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਵਿੱਚ ਹੈ ਅਤੇ ਸਰਹੱਦ ਪਾਰੋਂ ਹੈਰੋਇਨ ਅਤੇ ਵਿਦੇਸ਼ੀ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦਾ ਹੈ। ਇਸੇ ਸੂਚਨਾ ਦੇ ਆਧਾਰ ‘ਤੇ ਅਲਗੋ ਕੋਠੀ ਨੇੜੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ।
ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ 1 ਕਿਲੋ 17 ਗ੍ਰਾਮ ਹੈਰੋਇਨ, 4 ਨਾਜਾਇਜ਼ .30 ਬੋਰ ਪਿਸਤੌਲ, 3 ਮੈਗਜ਼ੀਨ, 2 ਜ਼ਿੰਦਾ ਕਾਰਤੂਸ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ। ਇਸ ਸਬੰਧੀ ਥਾਣਾ ਵਲਟੋਹਾ ਵਿੱਚ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਥਿਤ ਤੌਰ ‘ਤੇ ਮੰਨਿਆ ਹੈ ਕਿ ਉਸ ਦੇ ਪਾਕਿਸਤਾਨੀ ਤਸਕਰਾਂ ਨਾਲ ਸਿੱਧੇ ਸੰਪਰਕ ਹਨ ਅਤੇ ਬਰਾਮਦ ਕੀਤੀ ਗਈ ਹੈਰੋਇਨ ਤੇ ਹਥਿਆਰ ਸਰਹੱਦ ਪਾਰੋਂ ਮੰਗਵਾਏ ਗਏ ਸਨ। ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕੀਤਾ ਜਾਣਾ ਸੀ।
ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਰਹੱਦ ਪਾਰ ਦੇ ਲਿੰਕਾਂ ਬਾਰੇ ਵੀ ਅਹਿਮ ਖੁਲਾਸੇ ਹੋਣਗੇ।
