ਬਰਨਾਲਾ ‘ਚ ਵੀ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਚੰਨੀ ਦੇ ਸਮਰਥਕਾਂ ਨੇ ਫੇਰ ਲਾਏ ਨਾਅਰੇ
Ruckus during Congress meeting: ਬਰਨਾਲਾ: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਸੂਬੇ ਭਰ ‘ਚ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਇਹ ਰੁਟੀਨ 8 ਔਗੁਤ ਤੱਕ ਜਾਰੀ ਰਹੇਗੀ। ਅੱਜ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਕਾਂਗਰਸ ਪਾਰਟੀ ਵੱਲੋਂ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਅਧੀਨ ਬਰਨਾਲਾ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਆਗੂ ਰਜ਼ੀਆ ਸੁਲਤਾਨਾ ਸਮੇਤ ਕਈ ਆਗੂ ਮੌਜੂਦ ਰਹੇ।
ਪਰ ਮੀਟਿੰਗ ਦੀ ਸ਼ੁਰੂਆਤ ਹੁੰਦਿਆਂ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵੱਲੋਂ “ਚੰਨੀ ਜ਼ਿੰਦਾਬਾਦ” ਦੇ ਨਾਅਰੇ ਲਗਾਏ ਗਏ, ਜਿਸ ਕਾਰਨ ਕੁਝ ਸਮੇਂ ਲਈ ਹੰਗਾਮਾ ਹੋ ਗਿਆ। ਨਾਅਰੇਬਾਜ਼ੀ ਕਾਰਨ ਮੀਟਿੰਗ ਕੁਝ ਸਮੇਂ ਲਈ ਪ੍ਰਭਾਵਿਤ ਰਹੀ। ਬਾਅਦ ਵਿੱਚ ਆਗੂਆਂ ਨੇ ਵਰਕਰਾਂ ਨੂੰ ਸ਼ਾਂਤ ਕਰਵਾਇਆ ਅਤੇ ਮੀਟਿੰਗ ਮੁੜ ਸ਼ੁਰੂ ਕਰਵਾਈ।
ਸਟੇਜ ਤੋਂ ਕਾਂਗਰਸ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ, ਪਰ ਕੁਝ ਲੋਕ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਸਮੁੱਚੀ ਕਾਂਗਰਸ ਇੱਕ ਪਲੇਟਫਾਰਮ ‘ਤੇ ਇਕੱਠੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮਜ਼ਬੂਤ ਪ੍ਰਦਰਸ਼ਨ ਕਰੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਪਟਿਆਲਾ ਅਤੇ ਸੰਗਰੂਰ ‘ਚ ਵੀ ਚੰਨੀ ਸਮਰਥਕਾਂ ਵੱਲੋਂ ਰਾਜਾ ਵੜਿੰਗ ਦਾ ਵਿਰੋਧ ਕੀਤਾ ਗਿਆ ਸੀ ਅਤੇ ਸੰਗਰੂਰ ‘ਚ ਵਰਕਰਾਂ ਵੱਲੋਂ ਚੰਨੀ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ ਗਈ ਸੀ, ਅਜਿਹਾ ਕੁੱਝ ਹੀ ਅੱਜ ਸੀ ਬਰਨਾਲਾ ‘ਚ ਦੇਖਣ ਨੂੰ ਮਿਲਿਆ।
