ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC-ਪਨਬੱਸ ਮੁਲਾਜ਼ਮਾਂ ਵੱਲੋਂ 3 ਦਿਨਾਂ ਲਈ ਚੱਕਾ ਜਾਮ ਦਾ ਐਲਾਨ
- ਅੱਧੀ ਰਾਤ ਤੋਂ ਹੜਤਾਲ ਸ਼ੁਰੂ
- ਅੱਜ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ
- ਮੰਗਾਂ ਨਾ ਮੰਨੀਆਂ ਤਾਂ ਭੁੱਖ ਹੜਤਾਲ ਅਤੇ CM ਰਿਹਾਇਸ਼ ਅੱਗੇ ਧਰਨਾ ਦੇਣਗੇ ਬੱਸ ਮੁਲਾਜ਼ਮ
PRTC-Punbus employees Strike: ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਹੈ। ਪੀਆਰਟੀਸੀ/ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਨੇ 3 ਦਿਨਾਂ ਦੀ ਹੜਤਾਲ ਅਤੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਹੜਤਾਲ ਐਤਵਾਰ ਰਾਤ 12 ਵਜੇ ਤੋਂ ਸ਼ੁਰੂ ਹੋ ਗਈ ਹੈ, ਜਿਸ ਕਾਰਨ ਅਗਲੇ ਤਿੰਨ ਦਿਨਾਂ ਦੌਰਾਨ ਬੱਸ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ ਅਤੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੰਜਾਬ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਗੇਟ ਰੈਲੀਆਂ ਵੀ ਕੀਤੀਆਂ ਗਈਆਂ, ਪਰ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਰ-ਵਾਰ ਭਰੋਸੇ ਦੇ ਬਾਵਜੂਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਯੂਨੀਅਨ ਦਾ ਦੋਸ਼ ਹੈ ਕਿ 24 ਜੂਨ ਅਤੇ 4 ਜੁਲਾਈ ਨੂੰ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਮੰਗਾਂ ਦੇ ਹੱਲ ਲਈ ਡਰਾਫਟ ਤਿਆਰ ਕੀਤਾ ਗਿਆ ਸੀ ਅਤੇ 10 ਦਿਨਾਂ ਵਿੱਚ ਮਸਲੇ ਸੁਲਝਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਹੜਤਾਲ ਦੇ ਮੱਦੇਨਜ਼ਰ ਅੱਜ ਸਵੇਰੇ 10 ਵਜੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਯੂਨੀਅਨ ਦੀ ਮੀਟਿੰਗ ਹੋਣੀ ਹੈ। ਪਹਿਲਾਂ ਇਹ ਮੀਟਿੰਗ ਦੁਪਹਿਰ 3 ਵਜੇ ਰੱਖੀ ਗਈ ਸੀ, ਪਰ ਬਾਅਦ ਵਿੱਚ ਸਮਾਂ ਬਦਲ ਦਿੱਤਾ ਗਿਆ, ਪਰ ਹੁਣ ਇਹ ਸਮਾਂ ਬਦਲ ਕੇ ਸਵੇਰੇ 10 ਵਜੇ ਦਾ ਰੱਖਿਆ ਗਿਆ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੀਟਿੰਗ ਦੌਰਾਨ ਮੰਗਾਂ ‘ਤੇ ਕੋਈ ਸਕਾਰਾਤਮਕ ਫ਼ੈਸਲਾ ਨਾ ਹੋਇਆ ਤਾਂ ਅਗਲੇ ਦਿਨ ਤੋਂ ਮੋਹਾਲੀ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਵੀ ਦਿੱਤਾ ਜਾਵੇਗਾ।