Breaking: ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ 10 ਕਿਲੋ ਹੈਰੋਇਨ ਅੰਮ੍ਰਿਤਸਰ ਸਰਹੱਦ ‘ਤੇ ਬਰਾਮਦ
- ਖੇਤਾਂ ਤੋਂ 10 ਸੀਲਬੰਦ ਪੈਕੇਟ ਬਰਾਮਦ
- ਤਸਕਰ ਪੁਲਿਸ ਨੂੰ ਦੇਖ ਕੇ ਫ਼ਰਾਰ
- ਮੋਟਰਸਾਈਕਲ ਵੀ ਜ਼ਬਤ
Heroin seized at Amritsar border: ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਰੀਬ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਖੇਪ ਸਰਹੱਦ ਨੇੜਲੇ ਸੂਫੀਆਂ ਪਿੰਡ ਦੇ ਖੇਤਾਂ ਵਿੱਚੋਂ ਮਿਲੀ ਹੈ। ਮੌਕੇ ਤੋਂ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਮੁੱਢਲੀ ਜਾਂਚ ਅਨੁਸਾਰ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਸੁੱਟੀ ਗਈ ਸੀ। ਤਸਕਰ ਇਸ ਨੂੰ ਖੇਤਾਂ ਵਿੱਚੋਂ ਚੁੱਕਣ ਲਈ ਪਹੁੰਚੇ ਸਨ, ਪਰ ਪੁਲਿਸ ਦੀ ਗਤੀਵਿਧੀ ਦੇਖਦੇ ਹੀ ਮੌਕੇ ਤੋਂ ਫ਼ਰਾਰ ਹੋ ਗਏ।
ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਖੇਤਾਂ ਵਿੱਚੋਂ 10 ਸੀਲਬੰਦ ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਭਾਰ ਕਰੀਬ 10 ਕਿਲੋ ਦੱਸਿਆ ਜਾ ਰਿਹਾ ਹੈ। ਬਰਾਮਦ ਮੋਟਰਸਾਈਕਲ ਨੂੰ ਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੋਟਰਸਾਈਕਲ ਦੀ ਰਜਿਸਟ੍ਰੇਸ਼ਨ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਫ਼ਰਾਰ ਤਸਕਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਆਲੇ-ਦੁਆਲੇ ਦੇ ਇਲਾਕਿਆਂ ਦੀਆਂ ਸੀਸੀਟੀਵੀ ਫੁਟੇਜਾਂ ਅਤੇ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਉਮੀਦ ਹੈ।