ਨਿਊਜ਼ੀਲੈਂਡ ਭੇਜਣ ਦੇ ਨਾਂ ‘ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ‘ਚ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
Gardhiwala Gurveer Singh Suicide; ਉਪ-ਮੰਡਲ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਹਰਦੋ-ਪੱਟੀ ਵਿੱਚ ਵਿਦੇਸ਼ ਭੇਜਣ ਦੇ ਨਾਮ ‘ਤੇ ਕਥਿਤ ਤੌਰ ‘ਤੇ 18 ਲੱਖ ਰੁਪਏ ਦੀ ਠੱਗੀ ਤੋਂ ਪ੍ਰੇਸ਼ਾਨ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵੀਰ ਸਿੰਘ, ਪੁੱਤਰ ਤ੍ਰਿਲੋਕ ਸਿੰਘ, ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਤ੍ਰਿਲੋਕ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਪਿੰਡ ਹਰਦੋ-ਪੱਟੀ ਦਾ ਰਹਿਣ ਵਾਲਾ ਜਤਿੰਦਰ ਸਿੰਘ ਬਰਿਆਣਾ ਉਨ੍ਹਾਂ ਦੇ ਪੁੱਤਰ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਲੈ ਗਿਆ। ਪਰ ਨਾ ਤਾਂ ਗੁਰਵੀਰ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਲਏ ਗਏ ਪੈਸੇ ਵਾਪਸ ਕੀਤੇ ਗਏ।
ਪਰਿਵਾਰ ਦਾ ਦੋਸ਼ ਹੈ ਕਿ ਇਸ ਕਥਿਤ ਠੱਗੀ ਅਤੇ ਲਗਾਤਾਰ ਮਾਨਸਿਕ ਤਣਾਅ ਕਾਰਨ ਗੁਰਵੀਰ ਸਿੰਘ ਨੇ ਖੁਦਕੁਸ਼ੀ ਕਰ ਲਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਟਰੈਵਲ ਏਜੰਟ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।