ਧਾਰਾ 370 ਦੀ 7ਵੀਂ ਵਰ੍ਹੇਗੰਢ: ਸਖ਼ਤ ਸੁਰੱਖਿਆ ਵਿਚਕਾਰ ਅਮਰਨਾਥ ਯਾਤਰਾ ਇੱਕ ਦਿਨ ਲਈ ਰੋਕੀ
- ਜੰਮੂ-ਸ਼੍ਰੀਨਗਰ ਹਾਈਵੇਅ ‘ਤੇ ਵੀ ਪਾਬੰਦੀਆਂ
7th anniversary of Article 370: ਸ੍ਰੀਨਗਰ: ਧਾਰਾ 370 ਨੂੰ ਰੱਦ ਕੀਤੇ ਜਾਣ ਦੀ 7ਵੀਂ ਵਰ੍ਹੇਗੰਢ ਮੌਕੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਮੱਦੇਨਜ਼ਰ ਬੁੱਧਵਾਰ ਨੂੰ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਇੱਕ ਦਿਨ ਲਈ ਮੁਅੱਤਲ ਕਰ ਦਿੱਤੀ ਗਈ ਹੈ।
ਅਧਿਕਾਰੀਆਂ ਮੁਤਾਬਕ, ਅੱਜ ਜੰਮੂ ਤੋਂ ਪਹਿਲਗਾਮ ਅਤੇ ਬਾਲਟਾਲ ਬੇਸ ਕੈਂਪਾਂ ਵੱਲ ਸ਼ਰਧਾਲੂਆਂ ਦੇ ਕਿਸੇ ਵੀ ਨਵੇਂ ਜਥੇ ਨੂੰ ਰਵਾਨਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੁਰੱਖਿਆ ਕਾਫ਼ਲਿਆਂ ਦੀ ਆਵਾਜਾਈ ਵੀ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਹੈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਬਾਰੇ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ, ਪਰ ਸਰਕਾਰੀ ਸੂਤਰਾਂ ਅਨੁਸਾਰ ਇਹ ਕਦਮ ਸੁਰੱਖਿਆ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ।
ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ ਤੋਂ ਪਹਿਲਾਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰਾਮਬਨ, ਕੁਲਗਾਮ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਹਨਾਂ ਦੀ ਸਖ਼ਤ ਜਾਂਚ ਅਤੇ ਪਛਾਣ ਪੱਤਰਾਂ ਦੀ ਤਸਦੀਕ ਕੀਤੀ ਜਾ ਰਹੀ ਹੈ, ਜਦਕਿ ਸਰਹੱਦੀ ਖੇਤਰਾਂ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਸ ਦੌਰਾਨ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (PDP), ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਨੇ 5 ਅਗਸਤ ਨੂੰ ਵੱਖ-ਵੱਖ ਵਿਰੋਧ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ। PDP ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਮੰਗਲਵਾਰ ਸ਼ਾਮ ਸ੍ਰੀਨਗਰ ਵਿੱਚ ਮੋਮਬੱਤੀ ਮਾਰਚ ਕੱਢਿਆ ਅਤੇ ਪਾਰਟੀ ਵਰਕਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਪ੍ਰੋਗਰਾਮ ਕਰਨ ਦੀ ਅਪੀਲ ਕੀਤੀ।
ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਅੱਤਵਾਦੀ 5 ਅਗਸਤ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸੇ ਕਾਰਨ ਪੂਰੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ 5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਕੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤਾ ਸੀ ਅਤੇ ਸਾਬਕਾ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ ਸੀ।
