ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਦੀਆਂ ਮੀਟਿੰਗਾਂ ਅੱਜ ਲੁਧਿਆਣਾ ‘ਚ, ਚੰਨੀ ਦਿੱਲੀ ‘ਚ
Bhupesh Baghel and Raja Warring meetings: ਲੁਧਿਆਣਾ: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ਦੇ ਮਾਹੌਲ ਵਿੱਚ ਅੱਜ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇਜ਼ ਰਹਿਣਗੀਆਂ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ। ਦੋਵੇਂ ਆਗੂ ਪਹਿਲਾਂ ਲੁਧਿਆਣਾ ਸ਼ਹਿਰੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਸ ਤੋਂ ਬਾਅਦ ਲੁਧਿਆਣਾ ਦਿਹਾਤੀ ‘ਚ ਵਰਕਰਾਂ ਨੂੰ ਸੰਬੋਧਨ ਕਰਨਗੇ। ਇਨ੍ਹਾਂ ਮੀਟਿੰਗਾਂ ਦਾ ਮਕਸਦ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਨਾ ਦੱਸਿਆ ਜਾ ਰਿਹਾ ਹੈ।
ਉੱਧਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿੱਚ ਹਨ। ਪੰਜਾਬ ਕਾਂਗਰਸ ਵਿੱਚ ਧੜੇਬੰਦੀ ਦੇ ਮੱਦੇਨਜ਼ਰ ਚੰਨੀ ਨੇ ਕਾਂਗਰਸ ਦੇ ਸੰਗਠਨ ਮਹਾਂਸਚਿਵ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਦੋਵਾਂ ਵਿਚਾਲੇ ਬੀਤੀ 5 ਅਗਸਤ ਦੀ ਸ਼ਾਮ ਕਰੀਬ 6:30 ਵਜੇ ਦਿੱਲੀ ਵਿੱਚ ਬੈਠਕ ਹੋਈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੀਆਂ ਹਾਲੀਆ ਮੀਟਿੰਗਾਂ ਦੌਰਾਨ ਨਾਅਰੇਬਾਜ਼ੀ ਅਤੇ ਇੰਚਾਰਜ ਭੁਪੇਸ਼ ਬਘੇਲ ਦੇ ਜਨਰਲ ਡਾਇਰ ਨਾਲ ਤੁਲਨਾ ਕਰਦੇ ਪੋਸਟਰ ਲੱਗਣ ਦੇ ਮਾਮਲੇ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਚੰਨੀ ਨੂੰ ਦਿੱਲੀ ਤਲਬ ਕੀਤਾ ਸੀ। ਇਸ ਮੁਲਾਕਾਤ ਨੂੰ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।
ਮੀਡੀਆ ਦੀਆਂ ਖਬਰਾਂ ਅਨੁਸਾਰ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਦੇ ਵਿਚਕਾਰ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਫਟਕਾਰ ਲਗਾਈ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੇ ਉਨ੍ਹਾਂ ਨੂੰ ਤਲਬ ਕਰਕੇ ਆਪਣੇ ਸਮਰਥਕਾਂ ਨੂੰ ਕਾਬੂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਵੇਣੁਗੋਪਾਲ ਨੇ ਪਾਰਟੀ ਦੇ ਪ੍ਰੋਗਰਾਮਾਂ ਦੌਰਾਨ ਹੋ ਰਹੀ ਨਾਅਰੇਬਾਜ਼ੀ ਅਤੇ ਪੋਸਟਰਬਾਜ਼ੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਜਾਣਕਾਰੀ ਮੁਤਾਬਕ ਵੇਣੁਗੋਪਾਲ ਨੇ ਚੰਨੀ ਨੂੰ ਕਿਹਾ ਹੈ ਕਿ 15 ਦਿਨਾਂ ਦੇ ਅੰਦਰ ਪਾਰਟੀ ਸਖ਼ਤ ਫੈਸਲਾ ਲੈ ਸਕਦੀ ਹੈ। ਇਸ ਤੋਂ ਬਾਅਦ ਇੱਕ ਫਾਈਨਲ ਫਾਰਮੂਲਾ ਤਿਆਰ ਕੀਤਾ ਜਾਵੇਗਾ। ਫਿਰ ਜਿਸ ਆਗੂ ਨੇ ਜੋ ਕਰਨਾ ਹੈ, ਉਹ ਕਰਨ ਲਈ ਆਜ਼ਾਦ ਹੋਵੇਗਾ। ਉੱਧਰ, ਰਾਜਾ ਵੜਿੰਗ ਧੜੇ ਨੂੰ ਵੀ ਪਾਰਟੀ ਹਾਈਕਮਾਨ ਵੱਲੋਂ ਤਲਬ ਕੀਤਾ ਜਾ ਸਕਦਾ ਹੈ।