ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਸਦਨ ’ਚ ਹਾਜ਼ਰ ਰਹਿਣ ਲਈ ਜਾਰੀ ਕੀਤਾ ਵ੍ਹਿਪ
Congress issues whip to MPs: ਨਵੀਂ ਦਿੱਲੀ: ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਕਾਂਗਰਸ ਨੇ ਆਪਣੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਸੰਸਦ ਮੈਂਬਰਾਂ ਨੂੰ 10, 11 ਅਤੇ 12 ਅਗਸਤ ਨੂੰ ਸਦਨ ਵਿੱਚ ਲਾਜ਼ਮੀ ਤੌਰ ’ਤੇ ਹਾਜ਼ਰ ਰਹਿਣ ਲਈ ਤਿੰਨ ਦਿਨਾਂ ਦਾ ਵ੍ਹਿਪ ਜਾਰੀ ਕੀਤਾ ਹੈ। ਪਾਰਟੀ ਸੂਤਰਾਂ ਮੁਤਾਬਕ ‘ਇੰਡੀਆ’ ਬਲਾਕ ਦੇ ਸਹਿਯੋਗੀ ਦਲਾਂ ਨੂੰ ਵੀ ਇਨ੍ਹਾਂ ਤਿੰਨ ਦਿਨਾਂ ਦੌਰਾਨ ਆਪਣੇ ਸੰਸਦ ਮੈਂਬਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਅਗਲੇ ਹਫ਼ਤੇ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਐਕਟ (FCRA) ਵਿੱਚ ਸੋਧ ਅਤੇ ਹਲਕਾਬੰਦੀ ਨਾਲ ਸਬੰਧਤ ਸੰਵਿਧਾਨਕ ਸੋਧ ਬਿੱਲਾਂ ’ਤੇ ਚਰਚਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਕਾਂਗਰਸ ਨੇ ਇਹ ਕਦਮ ਚੁੱਕਿਆ ਹੈ।
ਰਾਜ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਜੈਰਾਮ ਰਮੇਸ਼ ਨੇ ਪਾਰਟੀ ਮੈਂਬਰਾਂ ਨੂੰ ਸਵੇਰੇ 11 ਵਜੇ ਤੋਂ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੱਕ ਮੌਜੂਦ ਰਹਿਣ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ 10 ਤੋਂ 12 ਅਗਸਤ ਤੱਕ ਬਹੁਤ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।
