ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕੇਂਦਰ ਦੇ ਪ੍ਰਸਤਾਵ ਦਾ ਕੀਤਾ ਸਮਰਥਨ
Sukhbir Badal supports Centre’s proposal: ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਸਾਰੇ ਰਾਜਾਂ ਦੀਆਂ ਸੀਟਾਂ ਵਿੱਚ 50 ਫ਼ੀਸਦੀ ਇਕਸਾਰ ਵਾਧਾ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਸੁਖਬੀਰ ਬਾਦਲ ਨੇ ਇਹ ਜਾਣਕਾਰੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਨੂੰ ਤੁਰੰਤ ਲਾਗੂ ਕਰਨ ਦੇ ਹੱਕ ਵਿੱਚ ਹੈ। ਪਾਰਟੀ ਨੇ ਚੰਡੀਗੜ੍ਹ ਵਿੱਚ ਹੋਈ ਸੀਨੀਅਰ ਆਗੂਆਂ ਦੀ ਮੀਟਿੰਗ ਦੌਰਾਨ ਵੀ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਨੂੰ ਜਲਦ ਲਾਗੂ ਕਰਨ ਦੀ ਮੰਗ ਕੀਤੀ।
ਅਕਾਲੀ ਦਲ ਨੇ ਕਿਹਾ ਕਿ ਪਾਰਟੀ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੀ ਹੈ, ਜਿਨ੍ਹਾਂ ਨੇ ਔਰਤਾਂ ਦੀ ਇੱਜ਼ਤ, ਬਰਾਬਰੀ ਅਤੇ ਸਮਾਨ ਅਧਿਕਾਰਾਂ ਦੀ ਵਕਾਲਤ ਕੀਤੀ। ਪਾਰਟੀ ਮੁਤਾਬਕ ਔਰਤਾਂ ਨੂੰ ਬਰਾਬਰ ਨੁਮਾਇੰਦਗੀ ਦੇਣਾ ਇਸੇ ਵਿਚਾਰਧਾਰਾ ਦਾ ਹਿੱਸਾ ਹੈ।
ਅਕਾਲੀ ਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਆਪਣੇ ਸਦਨ ਵਿੱਚ ਔਰਤਾਂ ਲਈ ਰਾਖਵਾਂਕਰਨ ਦੀ ਵਿਵਸਥਾ ਕਰਕੇ ਪਹਿਲਾਂ ਹੀ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ।
