ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸੋਮਵਾਰ ਤੱਕ ਮੁਲਤਵੀ
Kisan rail roko andolan postponed: ਕੋਟਕਪੂਰਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਜਾਣ ਵਾਲਾ ਰੇਲ ਰੋਕੋ ਅੰਦੋਲਨ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮਾਰਕੀਟ ਕਮੇਟੀ ਦਫ਼ਤਰ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਮੀਟਿੰਗ ਵਿੱਚ ਕਿਸਾਨ ਆਗੂਆਂ ਦੀ ਅਗਵਾਈ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕੀਤੀ, ਜਦਕਿ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ, ਐੱਸਐੱਸਪੀ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।
ਕਿਸਾਨ ਜਥੇਬੰਦੀ ਦੀਆਂ ਮੁੱਖ ਮੰਗਾਂ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ’ਤੇ ਹੋਏ ਨੁਕਸਾਨ ਦੀ ਭਰਪਾਈ, ਲੈਂਡ ਮਾਰਗੇਜ ਬੈਂਕ ਵੱਲੋਂ ਖਾਲੀ ਚੈੱਕਾਂ ਦੀ ਕਥਿਤ ਦੁਰਵਰਤੋਂ ਅਤੇ ਪਿੰਡ ਹਰੀਨੌ ਦੇ ਦੋ ਕਿਸਾਨਾਂ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣਾ ਸ਼ਾਮਲ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ 5 ਅਗਸਤ ਤੋਂ ਪਿੰਡ ਸੰਧਵਾਂ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਪੱਕਾ ਮੋਰਚਾ ਜਾਰੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੈਂਕਾਂ ਦੇ ਸਾਹਮਣੇ ਵੀ ਧਰਨੇ ਦਿੱਤੇ ਜਾ ਰਹੇ ਹਨ।
ਮੀਟਿੰਗ ਤੋਂ ਬਾਅਦ ਕਾਕਾ ਸਿੰਘ ਕੋਟੜਾ ਨੇ ਸਪੱਸ਼ਟ ਕੀਤਾ ਕਿ ਪੱਕਾ ਮੋਰਚਾ ਅਤੇ ਬੈਂਕਾਂ ਅੱਗੇ ਧਰਨੇ ਜਾਰੀ ਰਹਿਣਗੇ, ਜਦਕਿ ਰੇਲ ਰੋਕੋ ਅੰਦੋਲਨ ਨੂੰ ਫਿਲਹਾਲ ਸੋਮਵਾਰ ਤੱਕ ਮੁਲਤਵੀ ਕੀਤਾ ਗਿਆ ਹੈ। ਕਿਸਾਨ ਆਗੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
