ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਸਮੇਤ ਇੱਕ ਗ੍ਰਿਫ਼ਤਾਰ
Terror plot foiled in Punjab: ਜਲੰਧਰ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐਸਬੀਐਸ ਨਗਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮਾਡਿਊਲ ਦੇ ਇੱਕ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਵਿਦੇਸ਼ ਬੈਠੇ ਹੈਂਡਲਰਾਂ ਨਾਲ ਸਿੱਧੇ ਸੰਪਰਕ ਸਨ ਅਤੇ ਉਹ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਕਥਿਤ ਤੌਰ ’ਤੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਜਾਂਚ ਅਨੁਸਾਰ ਮੁਲਜ਼ਮ ਨੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਡਰਾਪ ਲੋਕੇਸ਼ਨ ਤੋਂ ਗ੍ਰਨੇਡ ਹਾਸਲ ਕੀਤਾ ਸੀ।
ਮਾਮਲਾ ਦਰਜ, ਨੈੱਟਵਰਕ ਦੀ ਜਾਂਚ ਜਾਰੀ
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਦਰ ਥਾਣਾ, ਐਸਬੀਐਸ ਨਗਰ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਜਾਂਚ ਏਜੰਸੀਆਂ ਹੁਣ ਇਸ ਮਾਡਿਊਲ ਨਾਲ ਜੁੜੇ ਸਥਾਨਕ ਸਹਿਯੋਗੀਆਂ, ਫੰਡਰਾਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ। ਬਰਾਮਦ ਕੀਤੇ ਗ੍ਰਨੇਡ ਦੀ ਵਰਤੋਂ ਕਿੱਥੇ ਅਤੇ ਕਿਸ ਮਕਸਦ ਲਈ ਕੀਤੀ ਜਾਣੀ ਸੀ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
DGP ਨੇ ਕਿਹਾ—ਅੱਤਵਾਦ ਵਿਰੁੱਧ ਜ਼ੀਰੋ ਟੋਲਰੈਂਸ
ਪੰਜਾਬ ਪੁਲਿਸ ਦੇ ਡੀਜੀਪੀ ਨੇ ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੁਲਿਸ ਅੱਤਵਾਦ, ਸਰਹੱਦ ਪਾਰ ਦੀਆਂ ਸਾਜ਼ਿਸ਼ਾਂ ਅਤੇ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ ਅਤੇ ਅਜਿਹੇ ਤੱਤਾਂ ਵਿਰੁੱਧ ਜ਼ੀਰੋ-ਟੋਲਰੈਂਸ ਦੀ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।
