ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ
Bomb threat to Ferozepur District Court: ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਭਰਿਆ ਈਮੇਲ ਸੈਸ਼ਨ ਜੱਜ ਦੀ ਅਧਿਕਾਰਤ ਈਮੇਲ ਆਈਡੀ ’ਤੇ ਭੇਜਿਆ ਗਿਆ ਦੱਸਿਆ ਜਾ ਰਿਹਾ ਹੈ।
ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਅਤੇ ਚੱਪੇ-ਚੱਪੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਕਚਹਿਰੀ ਪਰਿਸਰ ਵਿੱਚ ਆਉਣ-ਜਾਣ ’ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ।
ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਦੀ ਮਦਦ ਨਾਲ ਕਚਹਿਰੀ ਕੰਪਲੈਕਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਲੋਕਾਂ ਅਤੇ ਅਦਾਲਤੀ ਕੰਮਕਾਜ ਨਾਲ ਜੁੜੇ ਵਿਅਕਤੀਆਂ ਨੂੰ ਵੀ ਪਰਿਸਰ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ।
ਸੁਰੱਖਿਆ ਕਾਰਨਾਂ ਕਰਕੇ ਦੁਪਹਿਰ 1 ਵਜੇ ਤੱਕ ਅਦਾਲਤਾਂ ਦਾ ਕੰਮਕਾਜ ਰੋਕ ਦਿੱਤਾ ਗਿਆ ਹੈ। ਪੁਲਿਸ ਵੱਲੋਂ ਧਮਕੀ ਭਰੇ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈਮੇਲ ਕਿੱਥੋਂ ਭੇਜਿਆ ਗਿਆ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਕਚਹਿਰੀ ਦੇ ਆਲੇ-ਦੁਆਲੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
