ਪੰਜਾਬ ‘ਚ ਫੇਰ ਬਦਲੇਗਾ ਮੌਸਮ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ
Punjab Weather Update: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਹੋਏ ਹਨ ਅਤੇ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 17 ਅਗਸਤ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਮੱਧ ਪ੍ਰਦੇਸ਼ ਵਿੱਚ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਆ ਰਹੀਆਂ ਹਨ। ਇਸ ਦੇ ਪ੍ਰਭਾਵ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ ’ਤੇ ਮੀਂਹ ਦੀਆਂ ਤੇਜ਼ ਬੁਛਾੜਾਂ ਵੀ ਪੈਣ ਦੀ ਸੰਭਾਵਨਾ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ 29.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।