ਸੁਖਬੀਰ ਬਾਦਲ ‘ਤੇ ਹਮਲੇ ਦੀ ਬਲਵੰਤ ਸਿੰਘ ਰਾਜੋਆਣਾ ਨੇ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ
Balwant Rajoana’s letter from jail: ਚੰਡੀਗੜ੍ਹ: ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਕਿਹਾ ਹੈ ਕਿ ਗੁਰੂ ਘਰਾਂ ਦੇ ਦਰਸ਼ਨ ਕਰਨ ਜਾਣ ਵਾਲੇ ਵਿਅਕਤੀ ‘ਤੇ ਉੱਥੇ ਹੀ ਹਮਲਾ ਕਰਨਾ ਬਹੁਤ ਨਿੰਦਣਯੋਗ ਘਟਨਾ ਹੈ ਅਤੇ ਇਹ ਸਿੱਖੀ ਸਿਧਾਂਤਾਂ ਦੇ ਖਿਲਾਫ ਵੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀਕਲਾ ਲਈ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਉੱਪਰ ਹੋਇਆ ਹਮਲਾ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ। ਜਿਸ ਦੀ ਕਿ ਡੁੰਘਾਈ ਦੇ ਨਾਲ ਜਾਂਚ ਹੋਣੀ ਚਾਹੀਦੀ ਹੈ।
ਚਿੱਠੀ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਪਾਰਟੀਆਂ ਬਣਾਈਆਂ ਗਈਆਂ ਹਨ ਅਤੇ ਨੀਲੀਆਂ ਪੱਗਾਂ ਬੰਨ੍ਹ ਕੇ ਪੰਥ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਰਾਜੋਆਣਾ ਨੇ ਆਪਣੇ ਪੱਤਰ ਵਿੱਚ 1991 ਦੀਆਂ ਵਿਧਾਨ ਸਭਾ ਚੋਣਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਸ ਸਮੇਂ ਕਈ ਅਕਾਲੀ ਆਗੂਆਂ ਦੇ ਕਤਲ ਹੋਏ ਸਨ। ਉਨ੍ਹਾਂ ਨੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
