SGPC ਦੀ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਵੀਜ਼ਿਆਂ ਦੀ ਮੰਗ
ਅੰਮ੍ਰਿਤਸਰ, 18 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਹਾਈ ਕਮਿਸ਼ਨਰ ਨੂੰ ਇਸ ਬਾਰੇ ਇਕ ਲਿਖਤੀ ਪੱਤਰ ਵੀ ਸੌਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਮੌਜੂਦ ਸਨ।
ਇਸ ਸਬੰਧੀ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਹਰ ਸਿੱਖ ਦੀ ਭਾਵਨਾ ਹੁੰਦੀ ਹੈ, ਜਿਸ ਨੂੰ ਵੇਖਦਿਆਂ ਹਾਈ ਕਮਿਸ਼ਨਰ ਨੂੰ ਖੁੱਲਦਿਲੀ ਨਾਲ ਵੀਜੇ ਜਾਰੀ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵਿਚਾਲੇ ਹੋਏ ਸਮਝੌਤਿਆਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਂਦਾ ਹੈ। ਆਮ ਤੌਰ ’ਤੇ ਇਸ ਯਾਤਰਾ ਲਈ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਲਗਭਗ 1800 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਨਿੱਜੀ ਤੌਰ ’ਤੇ ਸੰਗਠਿਤ ਸਿੱਖ ਜਥਿਆਂ ਨੂੰ ਵੀਜ਼ੇ ਨਾ ਮਿਲਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਬੰਦ ਹੋਣ ਕਾਰਨ ਸਿੱਖ ਸੰਗਤ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੀ ਤਾਂਘ ਹੋਰ ਵੀ ਵਧੀ ਹੈ। ਇਸੇ ਕਾਰਨ ਨਵੰਬਰ 2026 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਲਈ 7500 ਤੋਂ ਵੱਧ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਗਿਣਤੀ ਸਿਰਫ਼ ਇਕ ਅੰਕੜਾ ਨਹੀਂ, ਸਗੋਂ ਸਿੱਖ ਸੰਗਤ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਪ੍ਰਤੀ ਡੂੰਘੀ ਸ਼ਰਧਾ ਅਤੇ ਭਾਵਨਾਤਮਕ ਸਾਂਝ ਦਾ ਪ੍ਰਗਟਾਵਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਆਖਿਆ ਗਿਆ ਹੈ ਕਿ ਨਿਰਧਾਰਤ ਕੋਟੇ ਦੀ ਸੀਮਾ ਤੋਂ ਉੱਪਰ ਉੱਠਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ 7500 ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਵੱਲੋਂ ਇਹ ਯਾਤਰਾ ਧਾਰਮਿਕ ਸ਼ਰਧਾ, ਗੁਰਧਾਮਾਂ ਦੇ ਦਰਸ਼ਨਾਂ ਅਤੇ ਗੁਰੂ ਸਾਹਿਬ ਨਾਲ ਜੁੜੇ ਪਾਵਨ ਇਤਿਹਾਸ ਨੂੰ ਨਤਮਸਤਕ ਹੋਣ ਦੀ ਭਾਵਨਾ ਨਾਲ ਕੀਤੀ ਜਾਂਦੀ ਹੈ। ਇਸ ਲਈ ਪਾਕਿਸਤਾਨ ਸਰਕਾਰ ਅਤੇ ਹਾਈ ਕਮਿਸ਼ਨ ਵੱਲੋਂ ਇਸ ਨੂੰ ਧਾਰਮਿਕ ਭਾਵਨਾਵਾਂ ਨਾਲ ਜੋੜ ਕੇ ਵਿਚਾਰਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਹਾਈ ਕਮਿਸ਼ਨ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਇਸ ਵਿਸ਼ੇਸ਼ ਮੌਕੇ ’ਤੇ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਲਈ ਹਾਂ-ਪੱਖੀ ਫ਼ੈਸਲਾ ਕਰੇਗਾ, ਤਾਂ ਜੋ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ ਅਤੇ ਸ਼ਰਧਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋ ਸਕਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਕੇ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੀ ਪਾਕਿਸਤਾਨ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਉੱਦਮ ਕਰੇ।
ਉਨ੍ਹਾਂ ਭਾਰਤ ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਮੁੜ ਤੁਰੰਤ ਖੋਲ੍ਹੇ ਜਾਣ ਲਈ ਆਖਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਯਾਦਗਾਰੀ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਾਹਿਰੀ ਮਾਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ।
