ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ 5 ਤਸਕਰ ਕਾਬੂ
Amritsar Police Heroin Seizure; ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 5 ਕਿਲੋ 569 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਹੁਣ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਕੰਮ ਕਰ ਰਿਹਾ ਹੈ।
ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਦਾ ਸ਼ੱਕ
ਪਹਿਲੀ ਕਾਰਵਾਈ ਥਾਣਾ ਲੋਪੋਕੇ ਪੁਲਿਸ ਵੱਲੋਂ ਪਿੰਡ ਵਣੀਕੇ ਵਿੱਚ ਕੀਤੀ ਗਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਅਤੇ ਸੋਰਫ ਸਿੰਘ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਹਨ। ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕੀਤੀ। ਹੁਣ ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰਕੇ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ।
ਤਲਾਸ਼ੀ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ
ਦੂਜੀ ਕਾਰਵਾਈ ਥਾਣਾ ਘਰਿੰਡਾ ਦੇ ਇਲਾਕੇ ਵਿੱਚ ਕੀਤੀ ਗਈ। ਪੁਲਿਸ ਨੇ ਬੱਚੀਵਿੰਡ ਵਾਸੀ ਅਰਜੁਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਮੁਤਾਬਕ ਉਹ ਹੈਰੋਇਨ ਵੇਚਣ ਦਾ ਕੰਮ ਕਰਦਾ ਸੀ ਅਤੇ ਇੱਕ ਵਿਅਕਤੀ ਨੂੰ ਹੈਰੋਇਨ ਦੇਣ ਲਈ ਉਡੀਕ ਕਰ ਰਿਹਾ ਸੀ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਹੋਈ।
ਨਸ਼ਾ ਸਪਲਾਈ ਕਰਨ ਜਾ ਰਹੇ ਦੋ ਹੋਰ ਮੁਲਜ਼ਮ ਕਾਬੂ
ਇਸ ਤੋਂ ਇਲਾਵਾ ਥਾਣਾ ਘਰਿੰਡਾ ਅਧੀਨ ਇੱਕ ਹੋਰ ਕਾਰਵਾਈ ਦੌਰਾਨ ਪੁਲਿਸ ਨੇ ਵੰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਦੋਵੇਂ ਡਿਫੈਂਸ ਨਹਿਰ ਅਟਾਰੀ ਵੱਲੋਂ ਪੈਦਲ ਹੈਰੋਇਨ ਸਪਲਾਈ ਕਰਨ ਲਈ ਆ ਰਹੇ ਸਨ। ਪੁਲਿਸ ਨੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 569 ਗ੍ਰਾਮ ਹੈਰੋਇਨ ਅਤੇ ਪੈਕਿੰਗ ਸਮੱਗਰੀ ਬਰਾਮਦ ਕੀਤੀ ਗਈ।
ਪੁਲਿਸ ਹੁਣ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਸਪਲਾਈ ਚੇਨ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਲੱਗੀ ਹੋਈ ਹੈ।
