ਮੋਹਾਲੀ ਵਿੱਚ ਨਿਰਮਾਣ ਅਧੀਨ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ
Basement of under-construction collapses in Mohali: ਮੋਹਾਲੀ: ਮੋਹਾਲੀ ਦੇ ਏਅਰਪੋਰਟ ਰੋਡ ਸਥਿਤ ਏਅਰੋਸਿਟੀ ਵਿੱਚ ਵੀਰਵਾਰ ਸ਼ਾਮ ਇੱਕ ਨਿਰਮਾਣ ਅਧੀਨ ਹਸਪਤਾਲ ਦੀ ਬੇਸਮੈਂਟ ਵਿੱਚ ਮਿੱਟੀ ਧੱਸਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਸਮੇਂ ਬੇਸਮੈਂਟ ਵਿੱਚ ਕੰਮ ਕਰ ਰਹੇ ਮਜ਼ਦੂਰ ਮਿੱਟੀ ਹੇਠਾਂ ਦੱਬ ਗਏ। ਮੁੱਢਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇੱਕ ਮਜ਼ਦੂਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੀ ਬੇਸਮੈਂਟ ਵਿੱਚ ਨਿਰਮਾਣ ਕਾਰਜ ਚੱਲ ਰਿਹਾ ਸੀ। ਇਸੇ ਦੌਰਾਨ ਅਚਾਨਕ ਮਿੱਟੀ ਦਾ ਇੱਕ ਹਿੱਸਾ ਧੱਸ ਗਿਆ ਅਤੇ ਉੱਥੇ ਕੰਮ ਕਰ ਰਹੇ ਮਜ਼ਦੂਰ ਇਸ ਦੀ ਲਪੇਟ ਵਿੱਚ ਆ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਦੇਰ ਸ਼ਾਮੀਂ ਵਾਪਰਿਆ। ਸਥਾਨਕ ਕੌਂਸਲਰ ਹਰਵਿੰਦਰ ਸਿੰਘ ਬਿੰਦਰ ਨੇ ਦੱਸਿਆ ਕਿ ਹਸਪਤਾਲ ਦੀ ਬੇਸਮੈਂਟ 30-40 ਫੁੱਟ ਡੂੰਘੀ ਪੁੱਟੀ ਗਈ ਸੀ। ਸੜਕ ਵਾਲੇ ਪਾਸੇ ਮਿੱਟੀ ਦੀ ਬਰਮ ਨੂੰ ਰੋਕਣ ਲਈ ਸੁਰੱਖਿਆ ਦਾ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਮਿੱਟੀ ਖਿਸਕ ਗਈ ਅਤੇ ਇੱਕ ਪਾਸੇ ਦੀ ਦੀਵਾਰ ਵੀ ਧਸ ਗਈ। ਉਨ੍ਹਾਂ ਦੱਸਿਆ ਕਿ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਗੰਭੀਰ ਜ਼ਖ਼ਮੀ ਹੈ।
ਮੌਕੇ ‘ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਅਧਿਕਾਰਿਤ ਤੌਰ ‘ਤੇ ਮੌਤਾਂ ਦੀ ਗਿਣਤੀ ਅਤੇ ਪੁਸ਼ਟੀ ਡਾਕਟਰਾਂ ਵੱਲੋਂ ਕੀਤੀ ਜਾਵੇਗੀ।
ਇਸੇ ਦੌਰਾਨ ਕੌਂਸਲਰ ਅਤੇ ਕਈ ਸਥਾਨਕ ਵਾਸੀਆਂ ਨੇ ਦੱਸਿਆ ਕਿ ਠੇਕੇਦਾਰ ਦੀ ਕਥਿਤ ਅਣਗਹਿਲੀ ਅਤੇ ਗਮਾਡਾ ਵੱਲੋਂ ਕੋਈ ਵੀ ਧਿਆਨ ਨਾ ਦਿੱਤੇ ਜਾਣ ਕਾਰਨ ਮਜ਼ਦੂਰਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਮਾਰਤ ਦੀ ਖੁਦਾਈ ਸਮੇਂ ਲੋੜੀਂਦੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕੀਤੀ ਜਾਂਦੀ ਤਾਂ ਇਸ ਹਾਦਸੇ ਤੋਂ ਬਚਾਅ ਹੋ ਸਕਦਾ ਸੀ। ਹਾਦਸੇ ਮਗਰੋਂ ਮਜ਼ਦੂਰਾਂ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚਣੇ ਆਰੰਭ ਹੋ ਗਏ ਹਨ। ਡੀ ਐੱਸ ਪੀ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਿਤੇ ਵੀ ਕੋਤਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਨਿਰਮਾਣ ਕਾਰਜ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਤਾਂ ਨਹੀਂ ਹੋਈ। ਹਾਦਸੇ ਦੇ ਪੂਰੇ ਕਾਰਨਾਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
