ਪ੍ਰੇਮੀ ਨਾਲ ਮਿਲ ਕੇ ਔਰਤ ਨੇ ਘਰ ਵਿੱਚ ਕੀਤੀ ਚੋਰੀ, ਤਿੰਨ ਕਾਬੂ
Woman steals house with lover: ਸਮਾਣਾ: ਸਮਾਣਾ ਦੀ ਚਾਨਣ ਕਲੋਨੀ ਵਿੱਚ ਕੁਝ ਦਿਨ ਪਹਿਲਾਂ ਇੱਕ ਘਰ ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਘਰ ਵਿੱਚੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਹੋਏ ਸਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਿਸ ਨੂੰ ਕਥਿਤ ਤੌਰ ’ਤੇ ਪਤਾ ਲੱਗਾ ਕਿ ਘਰ ਦੀ ਇੱਕ ਔਰਤ ਹੀ ਚੋਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ। ਪੁਲਿਸ ਮੁਤਾਬਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਚੋਰੀ ਨੂੰ ਅੰਜਾਮ ਦਿੱਤਾ।
ਪੁਲਿਸ ਨੇ ਮਾਮਲੇ ਵਿੱਚ ਪਹਿਲਾਂ ਔਰਤ ਸਮੇਤ ਦੋ ਕਥਿਤ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਤੀਜੇ ਕਥਿਤ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਣਾ ਸਿਟੀ ਪੁਲਿਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਕੋਲੋਂ ਚੋਰੀ ਕੀਤੇ ਗਏ ਸੋਨੇ ਅਤੇ ਚਾਂਦੀ ਦੇ ਗਹਿਣੇ ਵੀ ਬਰਾਮਦ ਕਰ ਲਏ ਗਏ ਹਨ। ਪਹਿਲਾਂ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਗ੍ਰਿਫ਼ਤਾਰ ਕੀਤੇ ਗਏ ਤੀਜੇ ਕਥਿਤ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਿਸ ਮੁਤਾਬਕ ਕਥਿਤ ਮੁਲਜ਼ਮਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇੱਕ ਕਥਿਤ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
