105 ਸਾਲਾ ਬਜ਼ੁਰਗ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਉਮਰ ਕੈਦ ਦੀ ਬਾਕੀ ਸਜ਼ਾ ਮੁਆਫ਼
105-year-old gets relief from Supreme Court: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਮਨੁੱਖੀ ਪੱਖ ਵਾਲਾ ਅਹਿਮ ਫੈਸਲਾ ਸੁਣਾਉਂਦਿਆਂ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ 105 ਸਾਲਾ ਬਜ਼ੁਰਗ ਰਸਿਕ ਚੰਦਰ ਮੰਡਲ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਉਮਰ ਅਤੇ ਗੰਭੀਰ ਸਿਹਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਮਰ ਕੈਦ ਦੀ ਬਾਕੀ ਰਹਿੰਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਜ਼ਾ ਦੀ ਪੂਰੀ ਮਿਆਦ ਅਜੇ ਖ਼ਤਮ ਨਹੀਂ ਹੋਈ ਸੀ, ਪਰ ਹੁਣ ਉਨ੍ਹਾਂ ਨੂੰ ਮੁੜ ਜੇਲ੍ਹ ਨਹੀਂ ਭੇਜਿਆ ਜਾਵੇਗਾ। ਅਦਾਲਤ ਨੇ 2024 ਵਿੱਚ ਦਿੱਤੇ ਗਏ ਉਨ੍ਹਾਂ ਦੇ ਅੰਤਰਿਮ ਜ਼ਮਾਨਤ ਦੇ ਹੁਕਮ ਨੂੰ ਵੀ ਪੂਰਾ ਅਤੇ ਅੰਤਿਮ ਰੂਪ ਦੇ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ ?
ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਸਾਲ 1920 ਵਿੱਚ ਜਨਮੇ ਰਸਿਕ ਚੰਦਰ ਮੰਡਲ ਨੂੰ ਸਾਲ 1994 ਵਿੱਚ ਇੱਕ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਉਨ੍ਹਾਂ ਦੀ ਉਮਰ 68 ਸਾਲ ਸੀ। ਇਸ ਤੋਂ ਬਾਅਦ ਉਹ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰਹੇ। ਕਲਕੱਤਾ ਹਾਈਕੋਰਟ ਵੱਲੋਂ ਉਨ੍ਹਾਂ ਦੀ ਅਪੀਲ ਖਾਰਜ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ। ਆਪਣੀ ਉਮਰ ਦੇ 99ਵੇਂ ਸਾਲ ਵਿੱਚ ਉਨ੍ਹਾਂ ਨੇ ਵਧਦੀ ਉਮਰ ਅਤੇ ਵਿਗੜਦੀ ਸਿਹਤ ਦਾ ਹਵਾਲਾ ਦਿੰਦਿਆਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਅਰਜ਼ੀ ਦਾਇਰ ਕੀਤੀ ਸੀ।
ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਸਾਲ 2024 ਵਿੱਚ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਮਿਲੀ ਸੀ। ਹੁਣ ਸੁਪਰੀਮ ਕੋਰਟ ਨੇ ਇਸ ਰਾਹਤ ਨੂੰ ਅੰਤਿਮ ਰੂਪ ਦਿੰਦਿਆਂ ਉਨ੍ਹਾਂ ਦੀ ਉਮਰ ਕੈਦ ਦੀ ਬਾਕੀ ਸਜ਼ਾ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਰਸਿਕ ਚੰਦਰ ਮੰਡਲ ਹੁਣ ਬਿਨਾਂ ਕਿਸੇ ਹੋਰ ਕੈਦ ਦੀ ਕਾਨੂੰਨੀ ਪਾਬੰਦੀ ਦੇ ਆਪਣੀ ਬਾਕੀ ਜ਼ਿੰਦਗੀ ਜੇਲ੍ਹ ਤੋਂ ਬਾਹਰ ਬਿਤਾ ਸਕਣਗੇ।
