ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਗੰਭੀਰ ਇਲਜ਼ਾਮ
Youth commits suicide in Amritsar: ਅੰਮ੍ਰਿਤਸਰ: ਸ਼ਹਿਰ ਵਿੱਚ ਇੱਕ ਵਿਆਹੇ ਨੌਜਵਾਨ ਦੀ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਤ ਤੋਂ ਪਹਿਲਾਂ ਨੌਜਵਾਨ ਵੱਲੋਂ ਇੱਕ ਵੀਡੀਓ ਬਣਾਈ ਗਈ, ਜਿਸ ਵਿੱਚ ਉਸ ਨੇ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਰਿਵਾਰ ਨਾਲ ਆਪਣੀਆਂ ਪਰੇਸ਼ਾਨੀਆਂ ਸਾਂਝੀਆਂ ਕਰਦਾ ਰਹਿੰਦਾ ਸੀ। ਪਰਿਵਾਰ ਵੱਲੋਂ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਪਰਿਵਾਰ ਨੂੰ ਨੌਜਵਾਨ ਦੀ ਮੌਤ ਦੀ ਜਾਣਕਾਰੀ ਇੱਕ ਜਾਣਕਾਰ ਵਿਅਕਤੀ ਦੇ ਫੋਨ ਰਾਹੀਂ ਮਿਲੀ।
ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਪਰਿਵਾਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਦਾ ਸਭ ਤੋਂ ਵੱਧ ਅਸਰ ਬੱਚਿਆਂ ‘ਤੇ ਪੈਂਦਾ ਹੈ। ਉਨ੍ਹਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜੇਕਰ ਕੋਈ ਵਿਅਕਤੀ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਵੱਲੋਂ ਜਾਂਚ ਸ਼ੁਰੂ
ਪੁਲਿਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਹਨ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ, ਪਰਿਵਾਰਕ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕ ਵੱਲੋਂ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਨੂੰ ਵੀ ਪੁਲਿਸ ਜਾਂਚ ਦਾ ਅਹਿਮ ਹਿੱਸਾ ਬਣਾਇਆ ਜਾ ਰਿਹਾ ਹੈ।
