HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ
Boycott of 3 BJP MPs: ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਜ਼ਾਯਾਫਤਾ ਸੱਜਣ ਕੁਮਾਰ ਦੇ ਘਰ ਹੋਈ ਸ਼ੋਕ ਸਭਾ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਸ਼ਾਮਲ ਹੋਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ‘ਤੇ ਭਾਜਪਾ ਆਗੂ ਅਤੇ ਵਕੀਲ ਐੱਚ.ਐੱਸ. ਫੂਲਕਾ ਨੇ ਤਿੱਖਾ ਬਿਆਨ ਦਿੰਦਿਆਂ ਦਿੱਲੀ ਦੇ ਲੋਕਾਂ ਨੂੰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸੱਜਣ ਕੁਮਾਰ ਦੇ ਘਰ ਹੋਈ ਸ਼ੋਕ ਸਭਾ ਵਿੱਚ ਭਾਜਪਾ ਸੰਸਦ ਮੈਂਬਰ ਕਮਲਜੀਤ ਸ਼ੇਰਾਵਤ, ਰਾਮਵੀਰ ਸਿੰਘ ਬਿਧੂੜੀ ਅਤੇ ਯੋਗੇਂਦਰ ਚੰਦੋਲੀਆ ਸ਼ਾਮਲ ਹੋਏ ਸਨ। ਇਨ੍ਹਾਂ ਆਗੂਆਂ ਦੇ ਸ਼ੋਕ ਸਭਾ ਵਿੱਚ ਪਹੁੰਚਣ ਤੋਂ ਬਾਅਦ ਸਿਆਸੀ ਵਿਵਾਦ ਹੋਰ ਭਖ ਗਿਆ ਹੈ।
‘ਹਮਦਰਦੀ ਦੰਗਾ ਪੀੜਤਾਂ ਨਾਲ ਹੋਣੀ ਚਾਹੀਦੀ ਹੈ’
ਐੱਚ.ਐੱਸ. ਫੂਲਕਾ ਨੇ ਕਿਹਾ ਕਿ ਭਾਜਪਾ ਦੀ ਹਮਦਰਦੀ 1984 ਦੇ ਦੰਗਾ ਪੀੜਤਾਂ ਨਾਲ ਹੋਣੀ ਚਾਹੀਦੀ ਹੈ, ਨਾ ਕਿ ਸਜ਼ਾਯਾਫਤਾ ਅਪਰਾਧੀ ਦੇ ਪਰਿਵਾਰ ਨਾਲ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਹੋ ਚੁੱਕੀ ਹੈ, ਉਨ੍ਹਾਂ ਦੇ ਪਰਿਵਾਰਕ ਸਮਾਗਮਾਂ ਵਿੱਚ ਸਿਆਸੀ ਆਗੂਆਂ ਦੀ ਸ਼ਮੂਲੀਅਤ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ। ਫੂਲਕਾ ਦੇ ਇਸ ਬਿਆਨ ਤੋਂ ਬਾਅਦ ਦਿੱਲੀ ਦੀ ਸਿਆਸਤ ਵਿੱਚ ਇਹ ਮਾਮਲਾ ਮੁੜ ਚਰਚਾ ਦਾ ਵਿਸ਼ਾ ਬਣ ਗਿਆ ਹੈ।
