ਰੱਖੜੀ ਦੇ ਪਵਿੱਤਰ ਦਿਹਾੜੇ ‘ਤੇ ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਚਿੱਟੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ
25-year-old youth died due to overdose: ਗੁਰਦਾਸਪੁਰ: ਇੱਕ ਪਾਸੇ ਪੂਰੇ ਦੇਸ਼ ਵਿੱਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਸੀ, ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਨ ਅਧੀਨ ਪੈਂਦੇ ਪਿੰਡ ਬੁੱਢਾ ਬਾਲਾ ਵਿੱਚ ਨਸ਼ੇ ਨੇ ਇੱਕ ਹੋਰ ਪਰਿਵਾਰ ਦਾ ਚਿਰਾਗ ਬੁਝਾ ਦਿੱਤਾ। ਇੱਥੇ 25 ਸਾਲਾ ਨੌਜਵਾਨ ਬਚਿੱਤਰ ਸਿੰਘ ਪੁੱਤਰ ਸਵਰਨ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਸਵਰਨ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 8 ਤੋਂ 9 ਵਜੇ ਦੇ ਵਿਚਕਾਰ ਉਨ੍ਹਾਂ ਦੇ ਪੁੱਤਰ ਨੇ ਨਸ਼ਾ ਕੀਤਾ, ਜਿਸ ਤੋਂ ਤੁਰੰਤ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਮੌਤ ਹੋ ਗਈ।
ਪਿੰਡ ਨੂੰ ਨਸ਼ੇ ਦਾ ‘ਹੱਬ’ ਬਣਾਉਣ ਦੇ ਦੋਸ਼
ਘਟਨਾ ਤੋਂ ਬਾਅਦ ਇਲਾਕੇ ਦੇ ਮੋਹਤਬਰਾਂ ਦਾ ਗੁੱਸਾ ਫੁੱਟ ਪਿਆ। ਪਿੰਡ ਬੁੱਢਾ ਬਾਲਾ ਦੇ ਸਰਪੰਚ ਮੁਖਤਿਆਰ ਸਿੰਘ, ਨੰਬਰਦਾਰ ਦਲੀਪ ਸਿੰਘ, ਪਿੰਡ ਮੁੰਨਣ ਦੇ ਸਰਪੰਚ ਨਰਿੰਦਰ ਸਿੰਘ ਅਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਔਲਖ ਸਮੇਤ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਬੁੱਢਾ ਬਾਲਾ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਦਾ ਵੱਡਾ ਕੇਂਦਰ ਬਣ ਗਿਆ ਹੈ। ਮੋਹਤਬਰਾਂ ਦਾ ਦਾਅਵਾ ਹੈ ਕਿ ਇੱਥੇ ਕਥਿਤ ਤੌਰ ‘ਤੇ ਘੱਟ ਕੀਮਤ ‘ਤੇ ਨਸ਼ੀਲੇ ਪਦਾਰਥ ਵੇਚੇ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਖਰੀਦਣ ਲਈ ਦੂਰ-ਦੂਰ ਤੋਂ ਨੌਜਵਾਨ ਪਹੁੰਚਦੇ ਹਨ।
ਪੰਚਾਇਤੀ ਮਤੇ ਅਤੇ ਠੀਕਰੀ ਪਹਿਰਿਆਂ ਦੇ ਬਾਵਜੂਦ ਨਹੀਂ ਰੁਕਿਆ ਨਸ਼ਾ
ਪਿੰਡ ਵਾਸੀਆਂ ਨੇ ਦੱਸਿਆ ਕਿ ਨਸ਼ੇ ਨੂੰ ਰੋਕਣ ਲਈ ਪੰਚਾਇਤੀ ਮਤੇ ਪਾਸ ਕੀਤੇ ਗਏ, ਲੋਕਾਂ ਨੂੰ ਸਹੁੰ ਚੁਕਾਈ ਗਈ ਅਤੇ ਰਾਤ ਸਮੇਂ ਠੀਕਰੀ ਪਹਿਰੇ ਵੀ ਲਗਾਏ ਗਏ। ਇਸ ਦੇ ਬਾਵਜੂਦ ਨਸ਼ਾ ਤਸਕਰੀ ‘ਤੇ ਪੂਰੀ ਤਰ੍ਹਾਂ ਰੋਕ ਨਹੀਂ ਲੱਗ ਸਕੀ। ਮੋਹਤਬਰਾਂ ਨੇ ਦੋਸ਼ ਲਗਾਇਆ ਕਿ ਨਸ਼ਾ ਤਸਕਰ ਕਥਿਤ ਤੌਰ ‘ਤੇ ਗੰਨੇ ਦੇ ਖੇਤਾਂ ਅਤੇ ਗੁਪਤ ਰਸਤਿਆਂ ਦੀ ਵਰਤੋਂ ਕਰਕੇ ਨਸ਼ੇ ਦੀ ਸਪਲਾਈ ਕਰਦੇ ਹਨ।
ਪੁਲਿਸ ਪ੍ਰਸ਼ਾਸਨ ‘ਤੇ ਵੀ ਚੁੱਕੇ ਸਵਾਲ
ਇਲਾਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਵਾਰ-ਵਾਰ ਸੂਚਨਾ ਦੇਣ ਦੇ ਬਾਵਜੂਦ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾਂਦੀ। ਮੋਹਤਬਰਾਂ ਨੇ ਕਿਹਾ ਕਿ ਜੇਕਰ ਵੱਡੇ ਨਸ਼ਾ ਸੌਦਾਗਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਸਕਦੇ ਹਨ। ਉਨ੍ਹਾਂ ਨੇ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਨਸ਼ੇ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ।
ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਭੇਜੀ
ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਏਐਸਆਈ ਤੀਰਥ ਰਾਮ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਮ੍ਰਿਤਕ ਨਸ਼ੇ ਦਾ ਆਦੀ ਸੀ ਅਤੇ ਮੁੱਢਲੀ ਜਾਂਚ ਵਿੱਚ ਮੌਤ ਓਵਰਡੋਜ਼ ਕਾਰਨ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਵਿੱਚ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
