ਪੁਲਿਸ ਦੀ ਵੱਡੀ ਸਫ਼ਲਤਾ, 8 ਵਿਦੇਸ਼ੀ ਪਿਸਤੌਲਾਂ ਤੇ 103 ਜਿੰਦਾ ਕਾਰਤੂਸ ਸਮੇਤ 2 ਮੁਲਜ਼ਮ ਕਾਬੂ
Amritsar Police Action; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 8 ਗੈਰ-ਕਾਨੂੰਨੀ .30 ਬੋਰ ਪਿਸਤੌਲ ਅਤੇ 103 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਡੀਜੀਪੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸਨ।
ਜਾਂਚ ਵਿੱਚ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾਉਂਦੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।
ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮਾਂ ਨੇ ਹੁਣ ਤੱਕ ਕਿੰਨੀਆਂ ਹਥਿਆਰਾਂ ਦੀਆਂ ਖੇਪਾਂ ਮੰਗਵਾਈਆਂ ਅਤੇ ਇਹ ਹਥਿਆਰ ਕਿਹੜੇ-ਕਿਹੜੇ ਲੋਕਾਂ ਤੱਕ ਪਹੁੰਚਾਏ ਗਏ।
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸੰਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਏਜੰਸੀਆਂ ਹੁਣ ਇਸ ਪੂਰੇ ਨੈੱਟਵਰਕ ਦੀ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਵਿਦੇਸ਼ੀ ਤਸਕਰਾਂ ਨਾਲ ਮੁਲਜ਼ਮਾਂ ਦੇ ਸੰਪਰਕ, ਹਥਿਆਰਾਂ ਦੇ ਸਰੋਤ ਅਤੇ ਪੰਜਾਬ ਵਿੱਚ ਹਥਿਆਰ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਦੇ ਕਿਹੜੇ ਅਪਰਾਧਿਕ ਗਿਰੋਹਾਂ ਜਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਣੇ ਸਨ।
ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸਰਹੱਦ ਪਾਰੋਂ ਹੋਣ ਵਾਲੀ ਸਮੱਗਲਿੰਗ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਅੰਮ੍ਰਿਤਸਰ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਵਿੱਚ ਹੜਕੰਪ ਮਚ ਗਿਆ ਹੈ। ਪੁਲਿਸ ਹੁਣ ਇਸ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਣ ਅਤੇ ਇਸ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਜੁਟੀ ਹੋਈ ਹੈ।
