ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, ਪੜ੍ਹੋ ਕੀ ਨਿੱਕਲਿਆ ਨਤੀਜਾ ?
- ਕਿਸਾਨਾਂ ਨੇ ਸੌਂਪਿਆ ਮੰਗ ਪੱਤਰ
- ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ’ਤੇ ਫਿਲਹਾਲ ਅੱਗੇ ਨਾ ਵਧਣ ਦਾ ਭਰੋਸਾ
Meeting between farmers and Union Minister: ਗੁਰੂਗ੍ਰਾਮ: ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਗੁਰੂਗ੍ਰਾਮ ਵਿੱਚ ਹੋਈ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਕਿਸਾਨਾਂ ਦੀਆਂ 9 ਪ੍ਰਮੁੱਖ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕਿਸਾਨ ਪ੍ਰਤੀਨਿਧੀ ਮੰਡਲ ਨੇ ਕੇਂਦਰੀ ਮੰਤਰੀ ਨੂੰ ਆਪਣਾ ਮੰਗ ਪੱਤਰ ਵੀ ਸੌਂਪਿਆ। ਮੀਟਿੰਗ ਵਿੱਚ ਕਿਸਾਨਾਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫ਼ੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਬਿਜਲੀ ਸੋਧ ਬਿੱਲ, ਹਾਈਟੈਂਸ਼ਨ ਟਰਾਂਸਮਿਸ਼ਨ ਲਾਈਨਾਂ ਦਾ ਮੁਆਵਜ਼ਾ ਅਤੇ ਕਿਸਾਨ ਅੰਦੋਲਨਾਂ ਦੌਰਾਨ ਦਰਜ ਮਾਮਲਿਆਂ ਦੀ ਵਾਪਸੀ ਸਮੇਤ ਕਈ ਮੁੱਦੇ ਕੇਂਦਰੀ ਮੰਤਰੀ ਸਾਹਮਣੇ ਰੱਖੇ ਗਏ।
ਬਿਜਲੀ ਸੋਧ ਬਿੱਲ ’ਤੇ ਫਿਲਹਾਲ ਨਹੀਂ ਹੋਵੇਗੀ ਕਾਰਵਾਈ
ਕਿਸਾਨਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਨੂੰ ਸਾਰੇ ਸਟੇਕਹੋਲਡਰਾਂ ਦੀ ਸਹਿਮਤੀ ਤੋਂ ਬਿਨਾਂ ਅੱਗੇ ਨਾ ਲਿਆਉਣ ਦਾ ਭਰੋਸਾ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਬਿਜਲੀ ਮੰਤਰਾਲੇ ਨਾਲ ਸਬੰਧਤ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਗਿਆ ਹੈ ਅਤੇ ਹੋਰ ਮੰਗਾਂ ਨੂੰ ਸਬੰਧਤ ਕੇਂਦਰੀ ਮੰਤਰਾਲਿਆਂ ਤੱਕ ਪਹੁੰਚਾਇਆ ਜਾਵੇਗਾ। ਇਨ੍ਹਾਂ ’ਤੇ ਜਲਦ ਫ਼ੈਸਲਾ ਲੈਣ ਦੀ ਗੱਲ ਵੀ ਕਹੀ ਗਈ ਹੈ। ਮਨੋਹਰ ਲਾਲ ਨੇ ਆਪਣੇ ਮੰਤਰਾਲੇ ਨਾਲ ਸਬੰਧਤ ਦੋ ਮੰਗਾਂ ਨੂੰ ਪੂਰਾ ਕਰਨ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ।
ਡੱਲੇਵਾਲ ਬੋਲੇ—ਸਰਕਾਰ ਮੰਗਾਂ ਮੰਨਦੀ ਹੈ ਤਾਂ ਫ਼ੈਸਲੇ ਦਾ ਸਵਾਗਤ ਕਰਾਂਗੇ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੀਟਿੰਗ ਦੌਰਾਨ ਕਾਫ਼ੀ ਚੰਗੀ ਅਤੇ ਵਿਸਥਾਰ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰਦੀ ਹੈ ਤਾਂ ਕਿਸਾਨ ਇਸ ਫ਼ੈਸਲੇ ਦਾ ਸਵਾਗਤ ਕਰਨਗੇ। ਕਿਸਾਨ ਆਗੂਆਂ ਮੁਤਾਬਕ ਖੇਤੀਬਾੜੀ, ਪੋਲਟਰੀ, ਡੇਅਰੀ ਅਤੇ ਫਿਸ਼ਰੀਜ਼ ਸੈਕਟਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਪਾਰਕ ਸਮਝੌਤੇ ਨੂੰ ਲੈ ਕੇ ਵੀ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਾਈਟੈਂਸ਼ਨ ਲਾਈਨਾਂ ਸਬੰਧੀ ਮੁਆਵਜ਼ੇ ਅਤੇ ਨੀਤੀ ਵਿੱਚ ਸੁਧਾਰ, ਅਤੇ 2020-21 ਤੇ ਹਾਲੀਆ ਕਿਸਾਨ ਅੰਦੋਲਨਾਂ ਦੌਰਾਨ ਦਰਜ ਮਾਮਲਿਆਂ ਦੀ ਵਾਪਸੀ ਦੇ ਮੁੱਦੇ ’ਤੇ ਵੀ ਚਰਚਾ ਹੋਈ।
ਠੋਸ ਫ਼ੈਸਲੇ ਤੋਂ ਬਾਅਦ ਤੈਅ ਹੋਵੇਗੀ ਅਗਲੀ ਰਣਨੀਤੀ
ਹਾਲਾਂਕਿ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਸਰਕਾਰੀ ਭਰੋਸਿਆਂ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਵੱਲੋਂ ਮੰਗਾਂ ’ਤੇ ਠੋਸ ਕਦਮ ਚੁੱਕੇ ਜਾਣਗੇ, ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਡੱਲੇਵਾਲ ਨੇ ਕਿਹਾ ਕਿ ਅੱਜ ਦੀ ਗੱਲਬਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਆਨਲਾਈਨ ਮੀਟਿੰਗ ਵਿੱਚ ਪੂਰੇ ਮਾਮਲੇ ’ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਸਾਰੇ ਕਿਸਾਨ ਆਗੂਆਂ ਅਤੇ ਪ੍ਰਤੀਨਿਧੀਆਂ ਨਾਲ ਸਲਾਹ-ਮਸ਼ਵਰਾ ਕਰਕੇ ਅੰਤਿਮ ਫ਼ੈਸਲਾ ਐਲਾਨਿਆ ਜਾਵੇਗਾ।
