ਵੱਡੀ ਖ਼ਬਰ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ
ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਮਸ਼ਹੂਰ ਗਾਇਕ ਤੇ ਗੀਤਕਾਰ ਗੁਲਾਬ ਸਿੱਧੂ ਦੇ ਘਰ ’ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀਆਂ ਨੇ ਰਾਤ ਕਰੀਬ 1 ਤੋਂ 2 ਵਜੇ ਦੇ ਦਰਮਿਆਨ ਘਰ ਨੂੰ ਨਿਸ਼ਾਨਾ ਬਣਾਇਆ।
ਘਰ ਦੇ ਗੇਟ ’ਤੇ ਲੱਗੀਆਂ ਗੋਲੀਆਂ
ਮੁੱਢਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਗੁਲਾਬ ਸਿੱਧੂ ਦੇ ਘਰ ’ਤੇ 7 ਤੋਂ 8 ਫਾਇਰ ਕੀਤੇ। ਗੋਲੀਆਂ ਘਰ ਦੇ ਗੇਟ ’ਤੇ ਲੱਗੀਆਂ। ਹਾਲਾਂਕਿ ਇਸ ਘਟਨਾ ਵਿੱਚ ਘਰ ਦੇ ਕਿਸੇ ਵੀ ਮੈਂਬਰ ਨੂੰ ਗੋਲੀ ਨਹੀਂ ਲੱਗੀ ਅਤੇ ਸਾਰੇ ਸੁਰੱਖਿਅਤ ਹਨ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਪੁਲਿਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਫਾਇਰਿੰਗ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ ਫਿਲਹਾਲ ਘਟਨਾ ਸਥਾਨ ਤੋਂ ਕੋਈ ਸਪੱਸ਼ਟ ਸੀਸੀਟੀਵੀ ਫੁਟੇਜ ਨਹੀਂ ਮਿਲੀ। ਹਾਲਾਂਕਿ ਆਸ-ਪਾਸ ਦੇ ਰਸਤਿਆਂ ਅਤੇ ਪਿੰਡ ਦੇ ਮੁੱਖ ਮਾਰਗਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਅਣਪਛਾਤੇ ਹਮਲਾਵਰਾਂ ਦੀ ਭਾਲ
ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਦੀ ਮਦਦ ਨਾਲ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।