ਪੰਜਾਬ ‘ਚ ਉਦਯੋਗਿਕ ਵਿਕਾਸ ਨੂੰ ਮਿਲੇਗਾ ਹੁਲਾਰਾ, CII ਨਾਲ ਮਿਲ ਕੇ ਕੰਮ ਕਰੇਗੀ ਮਾਨ ਸਰਕਾਰ
ਚੰਡੀਗੜ੍ਹ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਸੀ.ਆਈ.ਆਈ. ਦੇ ਨੁਮਾਇੰਦਾ ਮੰਡਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤਾਂ ਦੀ ਸਹੀ ਵਰਤੋਂ, ਜਲਵਾਯੂ ਤਬਦੀਲੀ ਨਾਲ ਨਜਿੱਠਣ ਅਤੇ ਸਾਫ਼ ਤਕਨਾਲੋਜੀ ਅਪਣਾਉਣ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਚੱਲ ਰਹੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਅਤਿ-ਆਧੁਨਿਕ ਲੈਬ ਵਾਲਾ ਸੈਂਟਰ ਆਫ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਸਥਾਪਤ ਕਰਨ ਵਰਗੇ ਪ੍ਰੋਜੈਕਟਾਂ ‘ਤੇ ਵੀ ਵਿਚਾਰ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਸੀ.ਆਈ.ਆਈ. ਉੱਤਰੀ ਖੇਤਰ ਦੇ ਚੇਅਰਮੈਨ ਨਾਲ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰ ਲਈ ਸੁਖਾਵਾਂ ਮਾਹੌਲ ਤਿਆਰ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਰੋਕਣ ਲਈ ਪੰਜਾਬ ਸਰਕਾਰ ਅਤੇ ਸੀ.ਆਈ.ਆਈ. ਦਾ ਮਿਲ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ। ਸਾਡਾ ਧਿਆਨ ਸਥਿਰਤਾ, ਸਰੋਤਾਂ ਦੀ ਸਹੀ ਵਰਤੋਂ, ਜਲਵਾਯੂ ਤਬਦੀਲੀ ਨਾਲ ਮੁਕਾਬਲਾ ਅਤੇ ਸਾਫ਼ ਤਕਨਾਲੋਜੀ ‘ਤੇ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਸੀ.ਆਈ.ਆਈ. ਨੂੰ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਸਮੇਤ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਯਤਨ ਤੇਜ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਟਿਕਾਊ ਅਤੇ ਤਕਨਾਲੋਜੀ ਆਧਾਰਿਤ ਹੱਲ ਅਪਣਾਉਣ ਲਈ ਵਚਨਬੱਧ ਹੈ। ਸਰਕਾਰ, ਉਦਯੋਗ ਅਤੇ ਹੋਰ ਸਾਰੇ ਹਿੱਸੇਦਾਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਸਸਤੇ, ਪ੍ਰਭਾਵਸ਼ਾਲੀ ਅਤੇ ਵਿਹਾਰਕ ਹੱਲ ਮਿਲ ਸਕਣ।
ਮੁੱਖ ਮੰਤਰੀ ਨੇ ਸੀ.ਆਈ.ਆਈ. ਐਗਰੋ ਟੈਕ ਇੰਡੀਆ 2026 ਦੌਰਾਨ ਵਰਲਡ ਹਾਰਟੀਕਲਚਰ ਸੈਂਟਰ ਦੇ ਭਾਰਤ ਦੌਰੇ ਨੂੰ ਸੁਚਾਰੂ ਬਣਾਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਵਿੱਚ ਗਿਆਨ ਅਤੇ ਮਾਹਿਰਤਾ ਦੇ ਆਦਾਨ-ਪ੍ਰਦਾਨ ਨਾਲ ਪੰਜਾਬ ਨੂੰ ਵੱਡਾ ਲਾਭ ਮਿਲੇਗਾ।
ਭਗਵੰਤ ਮਾਨ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਕਨਾਲੋਜੀ ਸਹਿਯੋਗ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਕਾਰੋਬਾਰ ਕਰਨ ਵਿੱਚ ਆਸਾਨੀ, ਲਾਗਤ ਘਟਾਉਣ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਆਧੁਨਿਕ ਅਤੇ ਯੋਜਨਾਬੱਧ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਖੇਤਰਾਂ ਨੂੰ ਭਰੋਸੇਯੋਗ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਉਦਯੋਗਾਂ ਨਾਲ ਜੁੜੀਆਂ ਬੁਨਿਆਦੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿਲ ਟ੍ਰੇਨਿੰਗ ਇੰਸਟੀਚਿਊਟ (MSTI) ਸਥਾਪਤ ਕਰਨ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਸੰਸਥਾ ਸਥਾਨਕ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਮਨੁੱਖੀ ਸਰੋਤ ਤਿਆਰ ਕਰੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹੇਗੀ।
ਮੀਟਿੰਗ ਦੌਰਾਨ ਖੇਤੀਬਾੜੀ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ, ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਨਵੇਂ ਉਦਯੋਗਿਕ ਖੇਤਰਾਂ ਵਿੱਚ ਸਰਕਾਰ-ਉਦਯੋਗ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਖਾਸ ਧਿਆਨ ਦਿੱਤਾ ਗਿਆ।
ਮੀਟਿੰਗ ਦਾ ਮੁੱਖ ਉਦੇਸ਼ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸੀ।
