ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਵੱਡਾ ਐਕਸ਼ਨ, ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼
Khanna Police Action; ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਖੰਨਾ ਪੁਲਿਸ ਵੱਲੋਂ ਐਸਐਸਪੀ ਡਾ. ਦਰਪਣ ਆਹਲੂਵਾਲੀਆ (ਆਈਪੀਐਸ) ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੀ ਕਾਰਵਾਈ ਦੌਰਾਨ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਉੱਥੇ ਮੌਜੂਦ ਲਗਭਗ 55 ਵਿਅਕਤੀਆਂ ਨੂੰ ਸੁਰੱਖਿਅਤ ਰੂਪ ਵਿੱਚ ਬਾਹਰ ਕੱਢਿਆ ਗਿਆ।
ਖੰਨਾ ਪੁਲਿਸ ਦੀ ਇਸ ਕਾਰਵਾਈ ਦੀ ਖਾਸ ਗੱਲ ਇਹ ਰਹੀ ਕਿ ਕੇਂਦਰ ਵਿੱਚ ਰਹਿ ਰਹੇ ਨਸ਼ਾ ਪੀੜਤਾਂ ਨੂੰ ਸਿਰਫ਼ ਉੱਥੋਂ ਬਾਹਰ ਕੱਢਣ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਉਨ੍ਹਾਂ ਦੀ ਸਿਹਤ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਯੋਗ ਦੇਖਭਾਲ, ਡਾਕਟਰੀ ਸਹਾਇਤਾ ਅਤੇ ਅਗਲੇ ਇਲਾਜ ਲਈ ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਭੇਜਿਆ ਗਿਆ। ਇਸ ਨਾਲ ਪੁਲਿਸ ਦੀ ਕਾਰਵਾਈ ਦਾ ਮਕਸਦ ਸਿਰਫ਼ ਗੈਰ-ਕਾਨੂੰਨੀ ਧੰਦੇ ਨੂੰ ਬੰਦ ਕਰਵਾਉਣਾ ਹੀ ਨਹੀਂ, ਬਲਕਿ ਨਸ਼ਾ ਪੀੜਤ ਵਿਅਕਤੀਆਂ ਦੀ ਸੁਰੱਖਿਆ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣਾ ਵੀ ਸਪੱਸ਼ਟ ਹੁੰਦਾ ਹੈ।
ਮੌਕੇ ‘ਤੇ ਪੁੱਜੇ ਐਸਪੀ (ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਸਦਰ ਥਾਣਾ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੇਂਦਰ ਵਿੱਚੋਂ 15 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ। ਇਸ ਮਾਮਲੇ ਸਬੰਧੀ ਥਾਣਾ ਸਦਰ ਖੰਨਾ ਵਿਖੇ ਮੁਕੱਦਮਾ ਨੰਬਰ 291 ਮਿਤੀ 09.09.2026 ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਕੱਦਮੇ ਵਿੱਚ ਪਵਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ, ਵਾਸੀ ਘੁੰਗਰਾਲੀ ਰਾਜਪੂਤਾਂ ਨੂੰ ਨਾਮਜ਼ਦ ਕੀਤਾ ਹੈ। ਮਾਮਲੇ ਵਿੱਚ ਧਾਰਾ 21 ਐਨਡੀਪੀਐਸ ਐਕਟ ਤੋਂ ਇਲਾਵਾ ਧਾਰਾ 115(2), 127(2), 318(4), 351(2) ਅਤੇ 61(2) ਬੀਐਨਐਸ ਤਹਿਤ ਕਾਰਵਾਈ ਕੀਤੀ ਗਈ ਹੈ।
ਪੁਲਿਸ ਜਾਂਚ ਵਿੱਚ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਗੈਰ ਕਾਨੂੰਨੀ ਕੇਂਦਰ ਨੂੰ ਕਿਹੜੇ ਤਰੀਕੇ ਨਾਲ ਤੇ ਕਿਸਦੀ ਸ਼ਹਿ ਨਾਲ ਚਲਾਇਆ ਜਾ ਰਿਹਾ ਸੀ, ਇੱਥੇ ਰਹਿਣ ਵਾਲੇ ਵਿਅਕਤੀਆਂ ਨਾਲ ਕਿਹੋ ਜਿਹਾ ਵਤੀਰਾ ਕੀਤਾ ਜਾਂਦਾ ਸੀ ਅਤੇ ਨਸ਼ੀਲੇ ਪਦਾਰਥ ਇੱਥੇ ਕਿਵੇਂ ਪਹੁੰਚਦੇ ਸਨ। ਪੁਲਿਸ ਵੱਲੋਂ ਬਰਾਮਦ ਹੈਰੋਇਨ ਦੇ ਸਰੋਤ ਅਤੇ ਗੈਰ ਕਾਨੂੰਨੀ ਕੇਂਦਰ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਖੰਨਾ ਪੁਲਿਸ ਦੀ ਇਹ ਕਾਰਵਾਈ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਪੱਖੋਂ ਵੀ ਅਹਿਮ ਮੰਨੀ ਜਾ ਰਹੀ ਹੈ। ਨਸ਼ਾ ਛੁਡਾਉਣ ਦੇ ਨਾਂ ’ਤੇ ਜੇਕਰ ਕੋਈ ਸੰਸਥਾ ਜਾਂ ਵਿਅਕਤੀ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਪੀੜਤਾਂ ਦਾ ਸ਼ੋਸ਼ਣ ਕਰਦਾ ਹੈ ਜਾਂ ਉਨ੍ਹਾਂ ਦੀ ਆਜ਼ਾਦੀ ਅਤੇ ਸੁਰੱਖਿਆ ਨਾਲ ਖਿਲਵਾੜ ਕਰਦਾ ਹੈ ਤਾਂ ਅਜਿਹੇ ਅਨਸਰਾਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਵਿੱਚ ਇਹ ਮਾਮਲਾ ਇਸ ਪੱਖੋਂ ਵੀ ਮਹੱਤਵਪੂਰਨ ਹੈ ਕਿ ਪੁਲਿਸ ਨੇ ਨਸ਼ਾ ਪੀੜਤਾਂ ਨੂੰ ਅਪਰਾਧੀ ਵਜੋਂ ਦੇਖਣ ਦੀ ਬਜਾਏ ਉਨ੍ਹਾਂ ਦੀ ਸੁਰੱਖਿਆ ਅਤੇ ਇਲਾਜ ਨੂੰ ਤਰਜੀਹ ਦਿੱਤੀ। ਪੁਲਿਸ ਦੀ ਇਸ ਕਾਰਵਾਈ ਨਾਲ ਇਹ ਸੰਦੇਸ਼ ਗਿਆ ਹੈ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਲ-ਨਾਲ ਨਸ਼ੇ ਦੀ ਲਪੇਟ ਵਿੱਚ ਆਏ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਵੀ ਪੁਲਿਸ ਦੀ ਪਹਿਲ ਹੈ।
ਖੰਨਾ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਸ-ਪਾਸ ਚੱਲ ਰਹੇ ਕਿਸੇ ਵੀ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ, ਨਸ਼ਿਆਂ ਦੀ ਵਿਕਰੀ ਜਾਂ ਹੋਰ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਪੀੜਤਾਂ ਅਤੇ ਹੋਰ ਕਮਜ਼ੋਰ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲਿਆਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ
