ਵੱਡੀ ਖ਼ਬਰ: ਹੁਸ਼ਿਆਰਪੁਰ ’ਚ 5 ਸਾਲਾ ਮਾਸੂਮ ਦਾ ਕਤਲ ਮਾਮਲਾ: ਦੋਸ਼ੀ ਨੂੰ ਫਾਂਸੀ ਦੀ ਸਜ਼ਾ
Hoshiarpu Harveer Singh Murder; ਹੁਸ਼ਿਆਰਪੁਰ ਵਿੱਚ 9 ਸਾਲਾ ਬੱਚੇ ਹਰਵੀਰ ਨੂੰ ਅਗਵਾ ਕਰਨ, ਜਬਰ ਜਨਾਹ ਅਤੇ ਕਤਲ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਫੈਸਲਾ ਆਉਂਦੇ ਹੀ ਮ੍ਰਿਤਕ ਬੱਚੇ ਦੀ ਮਾਂ ਭਾਵੁਕ ਹੋ ਗਈ ਅਤੇ ਅੱਖਾਂ ਵਿੱਚੋਂ ਹੰਝੂ ਨਿਕਲ ਆਏ।
ਅਦਾਲਤ ਤੋਂ ਬਾਹਰ ਆਉਂਦਿਆਂ ਹਰਵੀਰ ਦੀ ਮਾਂ ਨੇ ਕਿਹਾ ਕਿ ਉਸ ਦੇ ਪੁੱਤਰ ਨਾਲ ਦਰਿੰਦਗੀ ਕਰਨ ਵਾਲੇ ਦੋਸ਼ੀ ਨੂੰ ਉਸ ਦੀਆਂ ਅੱਖਾਂ ਸਾਹਮਣੇ ਫਾਂਸੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਵੀ ਉਸ ਨੂੰ ਸਜ਼ਾ ਮਿਲਦੀ ਦੇਖਣਾ ਚਾਹੁੰਦੀ ਹੈ।
ਦੱਸ ਦੇਈਏ ਕਿ ਸਤੰਬਰ 2025 ਵਿੱਚ ਹੁਸ਼ਿਆਰਪੁਰ ਦੇ ਦੀਪ ਨਗਰ ਇਲਾਕੇ ਤੋਂ 9 ਸਾਲਾ ਹਰਵੀਰ ਸਿੰਘ ਲਾਪਤਾ ਹੋ ਗਿਆ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਬਰਾਮਦ ਹੋਈ ਸੀ। ਲੋਕਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮਨਕੇ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਸੀ।
ਇੱਕ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਐਡੀਸ਼ਨਲ ਸੈਸ਼ਨ ਜੱਜ ਨੇ ਸ਼ੁੱਕਰਵਾਰ ਨੂੰ ਮਨਕੇ ਯਾਦਵ ਨੂੰ ਦੋਸ਼ੀ ਕਰਾਰ ਦਿੰਦਿਆਂ ਫਾਂਸੀ ਦੀ ਸਜ਼ਾ ਸੁਣਾਈ।
ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ
ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀ ਮਨਕੇ ਯਾਦਵ ਨੂੰ ਲੁਧਿਆਣਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫੈਸਲੇ ਤੋਂ ਬਾਅਦ ਬੱਚੇ ਦੇ ਪਰਿਵਾਰ ਅਤੇ ਸਥਾਨਕ ਲੋਕਾਂ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ।
ਪਰਿਵਾਰ ਨੇ ਮੰਗ ਕੀਤੀ ਕਿ ਜਦੋਂ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ ਤਾਂ ਉਨ੍ਹਾਂ ਨੂੰ ਵੀ ਮੌਕੇ ‘ਤੇ ਮੌਜੂਦ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ।
ਪੀੜਤ ਪੱਖ ਦੇ ਵਕੀਲ ਐਡਵੋਕੇਟ ਅਸ਼ਵਨੀ ਕੁਮਾਰ ਵਰਮਾ ਨੇ ਦੱਸਿਆ ਕਿ ਪਰਿਵਾਰ ਅਤੇ ਉਹ ਪਹਿਲੇ ਦਿਨ ਤੋਂ ਹੀ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਫੀਸ ਦੇ ਕੇਸ ਲੜਿਆ ਅਤੇ ਦੋਸ਼ੀ ਨੂੰ ਸਜ਼ਾ ਦਿਵਾਉਣ ਨੂੰ ਹੀ ਬੱਚੇ ਲਈ ਸੱਚੀ ਸ਼ਰਧਾਂਜਲੀ ਦੱਸਿਆ।
ਕੀ ਹੈ ਪੂਰਾ ਮਾਮਲਾ?
ਹੁਸ਼ਿਆਰਪੁਰ ਦੇ ਦੀਪ ਨਗਰ ਵਿੱਚ ਰਹਿਣ ਵਾਲਾ ਹਰਵੀਰ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਸਕੂਟੀ ਸਵਾਰ ਵਿਅਕਤੀ ਨੇ ਚਾਕਲੇਟ ਦਾ ਲਾਲਚ ਦੇ ਕੇ ਉਸ ਨੂੰ ਅਗਵਾ ਕਰ ਲਿਆ।
ਜਦੋਂ ਬੱਚਾ ਕਾਫੀ ਦੇਰ ਤੱਕ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਗਲੀ ਵਿੱਚ ਲੱਗੇ CCTV ਕੈਮਰਿਆਂ ਦੀ ਜਾਂਚ ਦੌਰਾਨ ਇੱਕ ਪ੍ਰਵਾਸੀ ਵਿਅਕਤੀ ਬੱਚੇ ਨੂੰ ਸਕੂਟੀ ‘ਤੇ ਲੈ ਜਾਂਦਾ ਦਿਖਾਈ ਦਿੱਤਾ।
ਪੁਲਿਸ ਨੇ ਜਾਂਚ ਸ਼ੁਰੂ ਕਰਕੇ ਦੋਸ਼ੀ ਮਨਕੇ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ। ਅਗਲੇ ਦਿਨ ਰਹੀਮਪੁਰ ਸਥਿਤ ਸ਼ਮਸ਼ਾਨਘਾਟ ਤੋਂ ਬੱਚੇ ਦੀ ਲਾਸ਼ ਬਰਾਮਦ ਹੋਈ ਸੀ।
25 ਪੰਚਾਇਤਾਂ ਨੇ ਕੀਤਾ ਸੀ ਵਿਰੋਧ
ਇਸ ਘਟਨਾ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਈ ਥਾਵਾਂ ‘ਤੇ ਗੁੱਸਾ ਦੇਖਣ ਨੂੰ ਮਿਲਿਆ ਸੀ। 25 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪ੍ਰਵਾਸੀਆਂ ਦੀ ਪਛਾਣ ਅਤੇ ਦਸਤਾਵੇਜ਼ਾਂ ਸਬੰਧੀ ਪ੍ਰਸਤਾਵ ਪਾਸ ਕੀਤੇ ਗਏ ਸਨ। ਕੁਝ ਪੰਚਾਇਤਾਂ ਨੇ ਬਿਨਾਂ ਦਸਤਾਵੇਜ਼ ਰਹਿ ਰਹੇ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਸੀ।
