ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ: ਅੱਜ ਫਤਿਹਗੜ੍ਹ ਸਾਹਿਬ ਤੋਂ ਹੋਵੇਗੀ ਸ਼ੁਰੂ
Second day of BJP’s ‘Drug-Free Punjab Yatra’: ਫਤਿਹਗੜ੍ਹ ਸਾਹਿਬ: ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ‘ਭਾਜਪਾ ਦਾ ਨਾਅਰਾ, ਨਸ਼ਾ ਮਿਟਾਉਣਾ ਸਾਰਾ’ ਮੁਹਿੰਮ ਤਹਿਤ ਕੱਢੀਆਂ ਜਾ ਰਹੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਵਿੱਚੋਂ ਦੂਜੀ ਯਾਤਰਾ ਅੱਜ, 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਯਾਤਰਾ ਨੂੰ ਰਵਾਨਾ ਕਰਨ ਤੋਂ ਪਹਿਲਾਂ ਰੇਖਾ ਗੁਪਤਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਸਥਾਨਕ ਦਾਣਾ ਮੰਡੀ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਦੀ ਵੀ ਯੋਜਨਾ ਹੈ।
ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ ਸਮਰਾਲਾ, ਪਾਇਲ, ਖੰਨਾ, ਅਮਲੋਹ, ਬੱਸੀ ਪਠਾਣਾ, ਡੇਰਾਬੱਸੀ, ਐੱਸਏਐੱਸ ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੁਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਦੀ ਹੋਈ ਜਲੰਧਰ ਵਿੱਚ ਸਮਾਪਤ ਹੋਵੇਗੀ।
ਭਾਜਪਾ ਮੁਤਾਬਕ ਇਹ ਚਾਰੋਂ ਯਾਤਰਾਵਾਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਣਗੀਆਂ। ਚਾਰ ਯਾਤਰਾਵਾਂ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿੱਚ ਹੋਵੇਗਾ।
