ਪੰਜਾਬ ਪੁਲਿਸ ਦੀ ਵੱਡੀ ਕਾਰਵਾਈ , 20 ਕਿਲੋ ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ
Punjab Police Action; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਤਸਕਰੀ ਨੈੱਟਵਰਕ ਦੁਬਈ ਵਿੱਚ ਬੈਠੇ ਇੱਕ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਵਿੱਚ ਮੌਜੂਦ ਆਪਣੇ ਸਾਥੀਆਂ ਅਤੇ ਵਿਦੇਸ਼ਾਂ ਵਿੱਚ ਬੈਠੇ ਹੋਰ ਤਸਕਰਾਂ ਨਾਲ ਮਿਲ ਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ।
ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਤਸਕਰੀ ਨਾਲ ਜੁੜੇ ਹੋਰ ਲੋਕਾਂ ਅਤੇ ਉਨ੍ਹਾਂ ਦੇ ਸੰਪਰਕਾਂ ਦਾ ਖੁਲਾਸਾ ਕੀਤਾ ਜਾ ਸਕੇ।
SSOC ਅੰਮ੍ਰਿਤਸਰ ਵਿੱਚ ਮਾਮਲਾ ਦਰਜ
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (SSOC) ਵਿੱਚ FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਤੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਸਰਹੱਦ ਪਾਰ ਤਸਕਰੀ ‘ਤੇ ਪੁਲਿਸ ਦੀ ਨਜ਼ਰ
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਤਸਕਰਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
