ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ
Youth dies in horrific road accident.: ਸੁਲਤਾਨਪੁਰ ਲੋਧੀ (ਬਲਵਿੰਦਰ ਸਿੰਘ ਧਾਲੀਵਾਲ): ਨਡਾਲਾ-ਬੇਗੋਵਾਲ ਰੋਡ ’ਤੇ ਦਿਆਲ ਸਿੰਘ ਟਿੰਬਰ ਸਟੋਰ ਨੇੜੇ ਕੇਟੀਐਮ ਮੋਟਰਸਾਈਕਲ ਅਤੇ ਝੋਨੇ ਦੀਆਂ ਬੋਰੀਆਂ ਨਾਲ ਲੱਦੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ 26 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਡਾਲਾ-ਬੇਗੋਵਾਲ ਰੋਡ ’ਤੇ ਉਕਤ ਜਗਾ ਤੇ ਟਰੱਕ ਨੰਬਰ ਪੀ.ਬੀ.-11 ਏ.ਐੱਮ.-6550, ਜੋ ਸੈਲਰ ਤੋਂ ਝੋਨੇ ਦੀਆਂ ਬੋਰੀਆਂ ਲੱਦ ਕੇ ਨਿਕਲਿਆ ਸੀ, ਦੀ ਕੇਟੀਐਮ ਮੋਟਰਸਾਈਕਲ ਨੰਬਰ ਪੀ.ਬੀ.-70 ਐੱਫ.-2286 ਨਾਲ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਨਡਾਲਾ ਤੋਂ ਆਪਣੇ ਪਿੰਡ ਤਲਵੰਡੀ ਕੂਕਾ ਵੱਲ ਜਾ ਰਿਹਾ ਸੀ। ਹਾਦਸੇ ਦੌਰਾਨ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਟਰੱਕ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਧਰ ਪਿੰਡ ਤਲਵੰਡੀ ਕੂਕਾ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ। ਉਸ ਦੀ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਟਰੱਕ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।
