ਕਾਕਰੋਚ ਜਨਤਾ ਪਾਰਟੀ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ
- ਕਿਹਾ ਅਸਤੀਫ਼ਾ ਨਾ ਦੇਣ ’ਤੇ ਦੇਸ਼ਵਿਆਪੀ ਅੰਦੋਲਨ ਕਰਾਂਗੇ
CJP 48 hours ultimatum to Chief Election Commissioner: ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਨੇ ਕਿਹਾ ਹੈ ਕਿ ਜੇਕਰ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਦੇਸ਼ ਭਰ ਵਿੱਚ ਅੰਦੋਲਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਗਿਆਨੇਸ਼ ਕੁਮਾਰ ’ਤੇ SIR ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਮ ਡਰਾਫਟ ਵੋਟਰ ਸੂਚੀਆਂ ਵਿੱਚੋਂ ਹਟਾਉਣ ਦੇ ਦੋਸ਼ ਲਗਾਏ। ਉਨ੍ਹਾਂ ਦਾ ਦਾਅਵਾ ਹੈ ਕਿ 30 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 13 ਕਰੋੜ ਤੋਂ ਵੱਧ ਨਾਮ ਡਰਾਫਟ ਸੂਚੀਆਂ ਵਿੱਚੋਂ ਬਾਹਰ ਹੋਏ ਹਨ।
ਇਹ ਮਾਮਲਾ ਉਸ ਵੇਲੇ ਹੋਰ ਚਰਚਾ ਵਿੱਚ ਆਇਆ ਜਦੋਂ ‘ਦਿ ਇੰਡੀਅਨ ਐਕਸਪ੍ਰੈੱਸ’ ਦੀ ਰਿਪੋਰਟ ‘ਚ ਦਾਅਵਾ ਕੀਤਾ ਗਿਆ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਕਮਿਸ਼ਨ ਦੇ ਫ਼ੈਸਲਿਆਂ ਅਤੇ ਹੁਕਮਾਂ ’ਤੇ ਘੱਟੋ-ਘੱਟ 14 ਵਾਰ ਇਤਰਾਜ਼ ਦਰਜ ਕੀਤੇ ਸਨ। ਇਨ੍ਹਾਂ ਵਿੱਚ ਵੋਟਰਾਂ ਦੇ ਨਾਮ ਜੋੜਨ-ਹਟਾਉਣ, ਫਾਰਮ-6 ਵਿੱਚ ਤਬਦੀਲੀਆਂ ਅਤੇ ਵੋਟਰ ਡੇਟਾ ਨੂੰ ਕੇਂਦਰੀਕ੍ਰਿਤ ਕਰਨ ਵਰਗੇ ਮੁੱਦੇ ਸ਼ਾਮਲ ਸਨ।
ਹਾਲਾਂਕਿ, ਚੋਣ ਕਮਿਸ਼ਨ ਨੇ ਇਨ੍ਹਾਂ ਇਤਰਾਜ਼ਾਂ ਦੀ ਵਿਆਖਿਆ ਨੂੰ ਵੱਖਰੇ ਢੰਗ ਨਾਲ ਪੇਸ਼ ਕਰਦਿਆਂ ਕਿਹਾ ਹੈ ਕਿ ਇਹ ਨੋਟ ਫ਼ੈਸਲਾ ਲੈਣ ਦੀ ਪ੍ਰਕਿਰਿਆ ਦਾ ਹਿੱਸਾ ਸਨ ਅਤੇ ਪਿਛਲੇ ਸਾਲ ਦੌਰਾਨ ਲਏ ਗਏ ਫ਼ੈਸਲੇ ਸਰਬਸੰਮਤੀ ਨਾਲ ਹੋਏ। CJP ਨੇ SIR ਨਾਲ ਸਬੰਧਤ ਕਾਰਵਾਈ ’ਤੇ ਰੋਕ, ਵੋਟਰ ਸੂਚੀਆਂ ਵਿੱਚੋਂ ਹਟਾਏ ਨਾਮਾਂ ਦੀ ਸਮੀਖਿਆ ਅਤੇ ਚੋਣ ਕਮਿਸ਼ਨ ਦੇ ਫ਼ੈਸਲਿਆਂ ਦੀ ਸੁਤੰਤਰ ਜਾਂਚ ਦੀ ਵੀ ਮੰਗ ਕੀਤੀ ਹੈ।
