ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਫਤਹਿਗੜ੍ਹ ਸਾਹਿਬ ਤੋਂ ਰੋਸ ਮਾਰਚ ਕੱਢੇਗੀ ਸਿੱਖ ਸੰਗਤ
- ਦੇਸ਼ ਭਰ ਤੋਂ ਸੰਗਤ ਹੋਵੇਗੀ ਸ਼ਾਮਲ, 3 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ ਮਾਰਚ ਦੀ ਸਮਾਪਤੀ
Sikh Sangat protest march from Fatehgarh Sahib: ਫਤਹਿਗੜ੍ਹ ਸਾਹਿਬ: ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦੇਸ਼ ਭਰ ਦੀ ਸਿੱਖ ਸੰਗਤ ਅੱਜ ਫਤਹਿਗੜ੍ਹ ਸਾਹਿਬ ਵਿਖੇ ਇਕੱਠੀ ਹੋਵੇਗੀ ਅਤੇ ਰੋਸ ਮਾਰਚ ਕੱਢੇਗੀ। ਇਹ ਮਾਰਚ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ 3 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
ਸਿੱਖ ਜਥੇਬੰਦੀਆਂ ਦੀ ਮੁੱਖ ਮੰਗ ਹੈ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਤੈਅ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਜਾਂ ਨਿਰਧਾਰਤ ਸਜ਼ਾ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਜਾਣਕਾਰੀ ਅਨੁਸਾਰ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਣ ਮਗਰੋਂ ਇਹ ਰੋਸ ਮਾਰਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘੇਗਾ। ਪਹਿਲੇ ਦਿਨ ਰਾਤ ਨੂੰ ਮਾਰਚ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਸੰਗਤ ਦੇ ਰਾਤ ਦੇ ਠਹਿਰਾਅ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਬਾਅਦ 3 ਅਕਤੂਬਰ ਨੂੰ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚੇਗਾ, ਜਿੱਥੇ ਇਸ ਦੀ ਸਮਾਪਤੀ ਹੋਵੇਗੀ।
