ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ
Sri Anandpur Sahib Issue: inquiry panel report: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੁਆਰਡੀਨੇਟਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਕ ਬਿਆਨ ਜਾਰੀ ਕਰਕੇ ਦਿੱਤੀ ਹੈ।
ਕਾਹਲਵਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਕਮੇਟੀ ਵੱਲੋਂ ਸਬੰਧਤ ਤੱਥਾਂ, ਦਸਤਾਵੇਜ਼ਾਂ ਅਤੇ ਵੱਖ-ਵੱਖ ਪੱਖਾਂ ਨੂੰ ਗੰਭੀਰਤਾ ਨਾਲ ਘੋਖਦਿਆਂ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਉਦੇਸ਼ ਕਿਸੇ ਵਿਅਕਤੀ ਜਾਂ ਪੱਖ ਦੀ ਗੱਲ ਕਰਨਾ ਨਹੀਂ, ਸਗੋਂ ਮਾਮਲੇ ਨਾਲ ਸਬੰਧਤ ਅਸਲ ਤੱਥ ਪੇਸ਼ ਕਰਨਾ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਹਿਲਾਂ ਹੀ ਕਿਸੇ ਤਰ੍ਹਾਂ ਦਾ ਨਤੀਜਾ ਕੱਢਣਾ, ਇਕਪਾਸੜ ਧਾਰਨਾ ਬਣਾਉਣਾ ਜਾਂ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕਰਨਾ ਨਾ ਤਾਂ ਉਚਿਤ ਹੈ ਅਤੇ ਨਾ ਹੀ ਕਿਸੇ ਗੰਭੀਰ ਮਾਮਲੇ ਦੀ ਜਾਂਚ ਪ੍ਰਕਿਰਿਆ ਦੇ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਕੀਤੀ ਜਾਣ ਵਾਲੀ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਨੂੰ ਹੋਰ ਉਲਝਾਉਂਦੀ ਹੈ, ਸਗੋਂ ਸਿੱਖ ਸੰਸਥਾਵਾਂ, ਗੁਰੂ ਘਰ ਅਤੇ ਸਿੱਖ ਸ਼ਖ਼ਸੀਅਤਾਂ ਦੇ ਵਕਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ।
ਕਾਹਲਵਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਨੂੰ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਅਦਾਲਤ ਜਾਂ ਜਾਂਚ ਏਜੰਸੀ ਦਾ ਬਦਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਸਿੱਖ ਸ਼ਖ਼ਸੀਅਤਾਂ ਦੀ ਕਿਰਦਾਰਕੁਸ਼ੀ ਕਰਨਾ ਜਾਂ ਕਿਸੇ ਸੰਸਥਾ ਨੂੰ ਬਦਨਾਮ ਕਰਨ ਵਾਲਾ ਪ੍ਰਚਾਰ ਕਰਨਾ ਸਿੱਖ ਕੌਮ ਲਈ ਵੀ ਚੰਗਾ ਸੁਨੇਹਾ ਨਹੀਂ ਦਿੰਦਾ। ਅਜਿਹੀ ਬਿਆਨਬਾਜ਼ੀ ਨਾਲ ਮਾਮਲੇ ਦੀ ਸੱਚਾਈ ਸਾਹਮਣੇ ਆਉਣ ਦੀ ਬਜਾਏ ਬੇਲੋੜਾ ਵਿਵਾਦ ਅਤੇ ਭੰਬਲਭੂਸਾ ਪੈਦਾ ਹੁੰਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਕਮੇਟੀ ਆਪਣੀ ਜ਼ਿੰਮੇਵਾਰੀ ਅਨੁਸਾਰ ਤੱਥਾਂ ਦੀ ਪੜਤਾਲ ਕਰ ਰਹੀ ਹੈ। ਇਸ ਲਈ ਜਦੋਂ ਤੱਕ ਜਾਂਚ ਦੀ ਰਿਪੋਰਟ ਸਾਹਮਣੇ ਨਹੀਂ ਆ ਜਾਂਦੀ, ਉਦੋਂ ਤੱਕ ਸਾਰੀਆਂ ਧਿਰਾਂ ਨੂੰ ਸੰਜਮ ਵਰਤਦਿਆਂ ਕਿਸੇ ਵੀ ਤਰ੍ਹਾਂ ਦੀ ਇਕਪਾਸੜ ਜਾਂ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਕਾਹਲਵਾਂ ਨੇ ਕਿਹਾ ਕਿ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ ਅਤੇ ਰਿਪੋਰਟ ਵਿਚ ਸਾਹਮਣੇ ਆਉਣ ਵਾਲੇ ਤੱਥਾਂ ਬਾਰੇ ਪ੍ਰਧਾਨ ਸਾਹਿਬ ਜਾਣਕਾਰੀ ਨਸ਼ਰ ਕਰਨਗੇ।
