ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਜੱਜ ਵਿਰੁੱਧ ਦੋਸ਼ਾਂ ’ਤੇ ਸੁਪਰੀਮ ਕੋਰਟ ਸਖ਼ਤ, ਤੁਰੰਤ ਕਾਰਵਾਈ ਦੇ ਹੁਕਮ
Lakhimpur Kheri violence case: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਮੁੱਖ ਜੱਜ ਨੂੰ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਕਰ ਰਹੇ ਰਹੇ ਜੱਜ ਵਿਰੁੱਧ ਲੱਗੇ ਦੋਸ਼ਾਂ ’ਤੇ ਜਲਦ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਦੋਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਜੱਜ ਨੇ ਕਈ ਫੌਜਦਾਰੀ ਮਾਮਲੇ ਖੁਦ ਨੂੰ ਟਰਾਂਸਫਰ ਕੀਤੇ ਅਤੇ ਮੁਲਜ਼ਮਾਂ ਨੂੰ ਬਰੀ ਕੀਤਾ। ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਵੀ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਲਈ ਜਲਦ ਨਵੇਂ ਸਰਕਾਰੀ ਵਕੀਲ ਦੀ ਨਿਯੁਕਤੀ ਕਰਨ ਦੇ ਹੁਕਮ ਦਿੱਤੇ ਹਨ।
22 ਸਤੰਬਰ ਨੂੰ ਸੁਪਰੀਮ ਕੋਰਟ ਨੇ ਪੀੜਤਾਂ ਵੱਲੋਂ ਪੇਸ਼ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਜੱਜ ਦੇ ਆਚਰਨ ਸਬੰਧੀ ਉਠਾਏ ਗਏ ਇਤਰਾਜ਼ਾਂ ਦਾ ਨੋਟਿਸ ਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਇਲਾਹਾਬਾਦ ਹਾਈ ਕੋਰਟ ਦੇ ਮੁੱਖ ਜੱਜ ਨੂੰ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਅਤੇ ਆਪਣੀ ਰਿਪੋਰਟ ਬੰਦ ਲਿਫਾਫੇ ਵਿੱਚ ਪੇਸ਼ ਕਰਨ ਲਈ
ਕਿਹਾ ਸੀ। ਸੁਣਵਾਈ ਦੌਰਾਨ ਹਾਈ ਕੋਰਟ ਦੀ ਰਜਿਸਟਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਕੇਸ਼ ਦਿਵੇਦੀ ਨੇ ਦੱਸਿਆ ਕਿ ਜੱਜ ਵਿਰੁੱਧ ਲੱਗੇ ਦੋਸ਼ਾਂ ਦੀ ਜਾਂਚ ਲਈ ਪ੍ਰਸ਼ਾਸਨਿਕ ਕਮੇਟੀ ਬਣਾਈ ਜਾਣੀ ਹੈ।
ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ ਮੁੱਖ ਜੱਜ ਨੂੰ 22 ਸਤੰਬਰ 2026 ਦੇ ਹੁਕਮ ਦੇ ਤੀਜੇ ਪੈਰੇ ਅਨੁਸਾਰ ਢੁਕਵੀਂ ਕਾਰਵਾਈ ਕਰਨੀ ਚਾਹੀਦੀ ਹੈ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਹਾਈ ਕੋਰਟ ਦਾ ਰਜਿਸਟਰਾਰ (ਵਿਜੀਲੈਂਸ) ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਭੇਜੇ।
