DA ਮਾਮਲੇ ‘ਤੇ ਪਰਗਟ ਦਾ ਪੰਜਾਬ ਸਰਕਾਰ ‘ਤੇ ਵੱਡਾ ਵਾਰ, ਇਤਿਹਾਸ ‘ਚ ਪਹਿਲੀ ਵਾਰ ਮੁੱਖ ਸਕੱਤਰ ਨੂੰ Criminal Contempt ਦਾ ਨੋਟਿਸ ਜਾਰੀ…..
ਚੰਡੀਗੜ੍ਹ: ਪੰਜਾਬ ਦੇ ਮੁਲਾਜ਼ਮਾਂ ਦੇ ਲੰਬਿਤ DA ਬਕਾਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦਿਆਂ ਪੰਜਾਬ ਸਰਕਾਰ ‘ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਪਰਗਟ ਸਿੰਘ ਨੇ ਲਿਖਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ DA ਬਕਾਏ ਸਬੰਧੀ ਸੁਣਵਾਈ ਦੌਰਾਨ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਸਕੱਤਰ ਨੂੰ Criminal Contempt ਦਾ ਨੋਟਿਸ ਜਾਰੀ ਹੋਇਆ ਹੈ।
ਉਨ੍ਹਾਂ ਆਪਣੀ ਪੋਸਟ ਵਿੱਚ ਦਾਅਵਾ ਕੀਤਾ ਕਿ “70 ਸਾਲਾਂ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜਿੱਥੇ ਵਿਧਾਇਕ ਰੋ-ਰੋ ਕੇ ਪੰਜਾਬ ਦਾ ਹਾਲ ਬਿਆਨ ਕਰ ਰਹੇ ਹਨ, ਅਫ਼ਸਰਾਂ ਨੂੰ ਜ਼ਲੀਲ ਹੋਣਾ ਪੈ ਰਿਹਾ ਹੈ ਅਤੇ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਸਤਾਇਆ ਹੋਇਆ ਹੈ।”
ਪਰਗਟ ਸਿੰਘ ਨੇ ਇਸਦੇ ਨਾਲ ਹੀ ਪੰਜਾਬ ਦੇ ਖਜ਼ਾਨੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ “ਦਿੱਲੀ ਦੇ ਧਾੜਵੀ ਪੰਜਾਬ ਦੇ ਖਜ਼ਾਨੇ ‘ਤੇ ਐਸ਼ ਕਰ ਰਹੇ ਹਨ।”
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ DA ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ KAP ਸਿੰਹਾ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਨ੍ਹਾਂ ਖ਼ਿਲਾਫ਼ Criminal Contempt ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਅਦਾਲਤ ਨੇ ਕਥਿਤ ਤੌਰ ‘ਤੇ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਸਬੰਧੀ ਦਿੱਤੇ ਬਿਆਨ ਨੂੰ prima facie ਗਲਤ ਮੰਨਿਆ ਹੈ ਅਤੇ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ‘ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
DA ਬਕਾਏ ਦਾ ਇਹ ਮਾਮਲਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਹੈ। ਹਾਈਕੋਰਟ ਨੇ ਪਹਿਲਾਂ ਸਰਕਾਰ ਨੂੰ ਬਕਾਇਆ DA/DR ਦੀਆਂ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।
