ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਨੂੰ ED ਦਾ ਸੰਮਨ
- 9 ਅਕਤੂਬਰ ਨੂੰ ਦਿੱਲੀ ਬੁਲਾਇਆ
ED summons Amardeep Grewal: ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬੀ ਫ਼ਿਲਮ ਜਗਤ ਨਾਲ ਜੁੜੇ ਅਮਰਦੀਪ ਸਿੰਘ ਗਰੇਵਾਲ ਨੂੰ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ। ED ਦੇ ਸੂਤਰਾਂ ਮੁਤਾਬਕ ਗਰੇਵਾਲ ਨੂੰ ਹੁਣ 9 ਅਕਤੂਬਰ ਨੂੰ ਦਿੱਲੀ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਪਹਿਲਾਂ ਉਨ੍ਹਾਂ ਨੂੰ 7 ਅਕਤੂਬਰ ਨੂੰ ਬੁਲਾਇਆ ਗਿਆ ਸੀ, ਪਰ ਉਨ੍ਹਾਂ ਵੱਲੋਂ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਸੀ।
ਗਰੇਵਾਲ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਹੋਏ ਹਨ ਅਤੇ ‘ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਵੀ ਉਨ੍ਹਾਂ ਦਾ ਸਬੰਧ ਦੱਸਿਆ ਜਾਂਦਾ ਹੈ। ED ਵੱਲੋਂ ਉਨ੍ਹਾਂ ਤੋਂ ਕਥਿਤ ਰਿਸ਼ਵਤ ਮੰਗ ਨਾਲ ਜੁੜੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਣੀ ਹੈ।
ਇਹ ਵਿਵਾਦ ਅੰਮ੍ਰਿਤਸਰ ਵਿੱਚ ਦਰਜ ਇੱਕ ਜਬਰ-ਜਨਾਹ ਦੇ ਮਾਮਲੇ ਨਾਲ ਜੁੜਿਆ ਦੱਸਿਆ ਜਾਂਦਾ ਹੈ। ਦੋਸ਼ ਹੈ ਕਿ ਮਾਮਲੇ ਨੂੰ ਪ੍ਰਭਾਵਿਤ ਕਰਨ ਜਾਂ ਖ਼ਤਮ ਕਰਵਾਉਣ ਲਈ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਨਾਮ ਵੀ ਸਾਹਮਣੇ ਆਇਆ ਸੀ। ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਸਾਬਕਾ ਜੱਜ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ CBI ਨੇ FIR ਦਰਜ ਕਰਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। CBI ਨੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਅਤੇ ਘੁੰਮਣ ਦੀ ਰਿਹਾਇਸ਼ ਸਮੇਤ 8 ਥਾਵਾਂ ’ਤੇ ਤਲਾਸ਼ੀ ਲਈ ਹੈ।
CBI ਦੀ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮਾਂ ਤੋਂ ਬਾਅਦ ਹੋਈ ਹੈ। ਏਜੰਸੀ ਨੇ ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਮਾਮਲਿਆਂ ਵਿੱਚ ਲੱਗੇ ਦੋਸ਼ਾਂ ਦੀ ਜਾਂਚ ਕੇਂਦਰੀ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਜਾਂ ਜਾਂਚ ਦੇ ਨਤੀਜਿਆਂ ਤੋਂ ਬਾਅਦ ਸਥਿਤੀ ਹੋਰ ਸਪੱਸ਼ਟ ਹੋਵੇਗੀ।
