ਤਰਨਤਾਰਨ ‘ਚ ਵੱਡੀ ਵਾਰਦਾਤ, ASI ਦਾ ਗੋਲੀਆਂ ਮਾਰ ਕੇ ਕਤਲ, ਬਾਈਕ ‘ਤੇ ਸਵਾਰ ਹੋ ਫ਼ਰਾਰ ਹੋਏ ਹਮਲਾਵਰ
Tarn Taran ASI Murder Case; ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਇੱਕ ASI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਮ੍ਰਿਤਕ ਦੀ ਪਛਾਣ 55 ਸਾਲਾ ASI ਇਕਬਾਲ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਨ ਅਤੇ ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਸਨ।
ਪਟਵਾਰਖਾਨੇ ਨੇੜੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ
ਜਾਣਕਾਰੀ ਅਨੁਸਾਰ, ASI ਇਕਬਾਲ ਸਿੰਘ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਐਤਵਾਰ ਸ਼ਾਮ ਕਰੀਬ 7:30 ਵਜੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਸਥਿਤ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਲੱਗਣ ਕਾਰਨ ASI ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹਨੇਰੇ ਦਾ ਫ਼ਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਪੁਲਿਸ ਵੱਲੋਂ ਜਾਂਚ ਸ਼ੁਰੂ, CCTV ਫੁਟੇਜ ਖੰਗਾਲੀ ਜਾ ਰਹੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਪੁਲਿਸ ਬਲ ਸਮੇਤ ਮੌਕੇ ’ਤੇ ਪਹੁੰਚੇ। DSP ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਫਿਲਹਾਲ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਅਤੇ ਰਸਤਿਆਂ ’ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
