ਬਕਾਇਆ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, 30 ਅਕਤੂਬਰ ਤੱਕ ਜਵਾਬ ਦੇਵੇ ਸਰਕਾਰ
Punjab DA Arrears; ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਹਾਈਕੋਰਟ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਕਥਿਤ ਤੌਰ ‘ਤੇ ਗ਼ਲਤ ਜਾਣਕਾਰੀ ਦੇਣ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਸਬੰਧੀ ਸਰਕਾਰ ਤੋਂ ਜਵਾਬ ਮੰਗਿਆ ਹੈ।
ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਜਸਟਿਸ ਵਿਨੋਦ ਭਾਰਦਵਾਜ ਨੇ ਉਨ੍ਹਾਂ ਤੋਂ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਬਾਰੇ ਪੁੱਛਿਆ। ਇਸ ‘ਤੇ ਸਿਨ੍ਹਾ ਨੇ ਕਿਹਾ ਕਿ ਉਹ ਸਬੰਧਤ ਵਕੀਲ ਤੋਂ ਜਾਣਕਾਰੀ ਲੈਣਗੇ ਅਤੇ ਇਸ ਤੋਂ ਬਾਅਦ ਪਟੀਸ਼ਨ ਦੀ ਮੌਜੂਦਾ ਸਥਿਤੀ ਬਾਰੇ ਹਲਫ਼ਨਾਮਾ ਦਾਇਰ ਕਰਨਗੇ।
ਮੁੱਖ ਸਕੱਤਰ ਨੇ ਆਪਣੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸਬੰਧੀ ਜਵਾਬ ਦੇਣ ਲਈ ਵੀ ਸਮਾਂ ਮੰਗਿਆ। ਮੁਲਾਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਚੇਤਨ ਮਿੱਤਲ ਨੇ ਅਦਾਲਤ ਨੂੰ ਦੱਸਿਆ ਕਿ ਕਰੀਬ 8 ਲੱਖ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਬਕਾਇਆ DA ਦੀ ਉਡੀਕ ਕਰ ਰਹੇ ਹਨ।
ਅਦਾਲਤ ਨੇ ਪੰਜਾਬ ਸਰਕਾਰ ਨੂੰ 30 ਅਕਤੂਬਰ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੂੰ ਐਮਿਕਸ ਕਿਊਰੀ ਨਿਯੁਕਤ ਕੀਤਾ ਗਿਆ ਹੈ। ਉਹ ਇਸ ਮਾਮਲੇ ਦੇ ਕਾਨੂੰਨੀ ਅਤੇ ਤਕਨੀਕੀ ਪਹਿਲੂਆਂ ‘ਤੇ ਅਦਾਲਤ ਦੀ ਮਦਦ ਕਰਨਗੇ।
ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਨੂੰ ਆਮ ਮਾਣਹਾਨੀ ਦੀ ਕਾਰਵਾਈ ਤੋਂ ਅਪਰਾਧਿਕ ਮਾਣਹਾਨੀ ਦੇ ਦਾਇਰੇ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਸੀ।
