ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅੱਜ ਪੰਜਾਬ ਭਵਨ ’ਚ ਤਿੰਨ ਕੈਬਨਿਟ ਮੰਤਰੀਆਂ ਨਾਲ ਮੀਟਿੰਗ
BKU Ugrahan meets with three cabinet ministers: ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਹਿਮ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਕਿਸਾਨ ਜਥੇਬੰਦੀ ਦੀਆਂ ਮੁੱਖ ਮੰਗਾਂ
ਕਿਸਾਨ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤੁਰੰਤ ਅਤੇ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਚਾਰ ਲੇਬਰ ਕੋਡ ਰੱਦ ਕਰਨ ਅਤੇ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਵਾਪਸ ਲੈਣ ਦੀ ਮੰਗ ਵੀ ਸ਼ਾਮਲ ਹੈ।
ਜਥੇਬੰਦੀ ਦੀਆਂ ਹੋਰ ਪ੍ਰਮੁੱਖ ਮੰਗਾਂ ਵਿੱਚ ਮਨਰੇਗਾ ਦੀ ਥਾਂ ਲਿਆਂਦੀ ਜਾ ਰਹੀ ਵੀਬੀ-ਜੀ ਰਾਮ ਜੀ (VB-G RAM G) ਸਕੀਮ ਵਾਪਸ ਲੈਣਾ, ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣਾ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨਾ ਸ਼ਾਮਲ ਹੈ।
ਇਸ ਦੇ ਨਾਲ ਹੀ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਅਤੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਵਿੱਤੀ ਸਹਾਇਤਾ ਦੇਣ ਦੀ ਮੰਗ ਵੀ ਉਠਾਈ ਜਾਵੇਗੀ।
ਜਥੇਬੰਦੀ ਵੱਲੋਂ ਰਾਵੀ ਦਰਿਆ ਰਾਹੀਂ ਪਾਕਿਸਤਾਨ ਵੱਲ ਜਾ ਰਹੇ ਪਾਣੀ ਦੇ ਮੁੱਦੇ ’ਤੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਇਨ੍ਹਾਂ ਮੰਗਾਂ ’ਤੇ ਸਰਕਾਰ ਦਾ ਕੀ ਰੁਖ਼ ਰਹਿੰਦਾ ਹੈ, ਇਸ ’ਤੇ ਕਿਸਾਨ ਜਥੇਬੰਦੀ ਦੀ ਅਗਲੀ ਰਣਨੀਤੀ ਨਿਰਭਰ ਕਰ ਸਕਦੀ ਹੈ।
