OSD ਰਾਜਬੀਰ ਘੁੰਮਣ ਮਾਮਲੇ ਵਿੱਚ ED ਦੀ ਐਂਟਰੀ
- ED ਨੇ ਮਾਮਲਾ ਕੀਤਾ ਦਰਜ
- ਇੱਕ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਸਮੇਤ ਸਖ਼ਤ ਕਾਰਵਾਈ ’ਤੇ ਲਾਈ ਸੀ ਰੋਕ
ED’s entry in OSD Rajbir Ghuman case: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਐਂਟਰੀ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਜਲੰਧਰ ਸਥਿਤ ਆਪਣੇ ਦਫ਼ਤਰ ਰਾਹੀਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ ਰਾਜਬੀਰ ਘੁੰਮਣ ਨੂੰ ਅੰਤਰਿਮ ਰਾਹਤ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ ਹੋਈ ਹੈ। ਸੁਪਰੀਮ ਕੋਰਟ ਨੇ ਘੁੰਮਣ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਸੀ ਅਤੇ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਸਮੇਤ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ’ਤੇ ਅੰਤਰਿਮ ਰੋਕ ਲਾਈ ਸੀ।
ਵਿੱਤੀ ਲੈਣ-ਦੇਣ ਦੀ ਜਾਂਚ ਕਰੇਗੀ ED
ED ਵੱਲੋਂ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਮਾਮਲੇ ਦੇ ਵਿੱਤੀ ਪੱਖਾਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਏਜੰਸੀ ਪੈਸਿਆਂ ਦੇ ਲੈਣ-ਦੇਣ ਅਤੇ ਕਥਿਤ ਵਿੱਤੀ ਬੇਨਿਯਮੀਆਂ ਨਾਲ ਜੁੜੇ ਪਹਿਲੂਆਂ ਦੀ ਜਾਂਚ ਕਰ ਸਕਦੀ ਹੈ। ਹਾਲਾਂਕਿ, ਜਾਂਚ ਦੇ ਦਾਇਰੇ ਅਤੇ ਦੋਸ਼ਾਂ ਬਾਰੇ ਅਧਿਕਾਰਤ ਤੌਰ ’ਤੇ ਹੋਰ ਵੇਰਵੇ ਸਾਹਮਣੇ ਆਉਣੇ ਬਾਕੀ ਹਨ। ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਰਾਹਤ ਅਤੇ ED ਵੱਲੋਂ ਕੇਸ ਦਰਜ ਕੀਤੇ ਜਾਣ ਨਾਲ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਅਗਲੀ ਨਜ਼ਰ ED ਦੀ ਜਾਂਚ ਅਤੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਅਗਲੀ ਸੁਣਵਾਈ ’ਤੇ ਰਹੇਗੀ।
