ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ
- 6 ਜਣਿਆ ਨੂੰ ਬਚਾਇਆ ਗਿਆ
Boat capsizes in River Ganges in Bihar: ਵੈਸ਼ਾਲੀ: ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਗੰਗਾ ਦਰਿਆ ਵਿੱਚ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 14 ਜਣਿਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ ਛੇ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਮ੍ਰਿਤਕਾਂ ਵਿੱਚ 6 ਤੋਂ 15 ਸਾਲ ਦੀ ਉਮਰ ਦੇ ਬੱਚੇ ਸ਼ਾਮਲ ਦੱਸੇ ਜਾ ਰਹੇ ਹਨ। ਇਹ ਹਾਦਸਾ ਮੰਗਲਵਾਰ ਸ਼ਾਮ ਰਾਘੋਪੁਰ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਾਪਰਿਆ। ਮੁੱਢਲੀ ਜਾਣਕਾਰੀ ਮੁਤਾਬਕ ਕਿਸ਼ਤੀ ਵਿੱਚ ਸਵਾਰ ਲੋਕ ਗੰਗਾ ਦਰਿਆ ਦੇ ਦੂਜੇ ਪਾਸੇ ਸਥਿਤ ਇੱਕ ਪਿੰਡ ਵਿੱਚ ਦਾਅਵਤ ’ਤੇ ਜਾ ਰਹੇ ਸਨ। ਇਸੇ ਦੌਰਾਨ ਕਿਸ਼ਤੀ ਦਰਿਆ ਵਿੱਚ ਪਲਟ ਗਈ। ਕਿਸ਼ਤੀ ਵਿੱਚ ਸਵਾਰ ਲੋਕਾਂ ਦੀ ਗਿਣਤੀ ਨੂੰ ਲੈ ਕੇ ਵੱਖ-ਵੱਖ ਦਾਅਵੇ ਸਾਹਮਣੇ ਆਏ ਹਨ।
ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਵੱਲੋਂ ਮੁਆਵਜ਼ੇ ਦਾ ਐਲਾਨ
ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉੱਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਦਸੇ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਤੇਜਸਵੀ ਯਾਦਵ ਨੇ 14 ਲਾਸ਼ਾਂ ਮਿਲਣ ਦਾ ਕੀਤਾ ਦਾਅਵਾ
ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇਜਸਵੀ ਯਾਦਵ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਹਾਦਸੇ ਵਿੱਚ ਹੁਣ ਤੱਕ 14 ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਉਨ੍ਹਾਂ ਮੁਤਾਬਕ ਕਿਸ਼ਤੀ ਵਿੱਚ ਲਗਭਗ 30 ਲੋਕ ਸਵਾਰ ਸਨ ਅਤੇ ਡੁੱਬਣ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸਨ। ਉਨ੍ਹਾਂ ਪ੍ਰਸ਼ਾਸਨ ਨੂੰ ਬਚਾਅ ਅਤੇ ਰਾਹਤ ਕਾਰਜ ਤੇਜ਼ ਕਰਨ ਦੀ ਅਪੀਲ ਕੀਤੀ।
ਵੈਸ਼ਾਲੀ ਦੀ ਜ਼ਿਲ੍ਹਾ ਮੈਜਿਸਟਰੇਟ ਵਰਸ਼ਾ ਸਿੰਘ ਨੇ 14 ਮੌਤਾਂ ਅਤੇ ਛੇ ਲੋਕਾਂ ਨੂੰ ਬਚਾਏ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ। ਪ੍ਰਸ਼ਾਸਨ ਵੱਲੋਂ ਹਾਦਸੇ ਨਾਲ ਸਬੰਧਤ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਮ੍ਰਿਤਕਾਂ ਦੀ ਗਿਣਤੀ ਅਤੇ ਕਿਸ਼ਤੀ ਵਿੱਚ ਸਵਾਰ ਲੋਕਾਂ ਦੀ ਕੁੱਲ ਸੰਖਿਆ ਬਾਰੇ ਸਾਹਮਣੇ ਆਏ ਵੱਖ-ਵੱਖ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
