ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਵੱਲੋਂ ਪੰਜਾਬ ਸਮੇਤ 5 ਸੂਬਿਆਂ ਨੂੰ ਸਖ਼ਤ ਹਦਾਇਤਾਂ ਜਾਰੀ
Centre issues strict directives regarding stubble burning: ਨਵੀਂ ਦਿੱਲੀ: ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬਾ ਸਰਕਾਰਾਂ ਨੂੰ ਪਰਾਲੀ ਸਾੜਨ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਉਲੰਘਣਾ ਦੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਵਾਤਾਵਰਣ ਮੰਤਰਾਲੇ ਅਤੇ ਖੇਤੀਬਾੜੀ ਮੰਤਰਾਲੇ ਵਿਚਕਾਰ ਉੱਚ ਪੱਧਰੀ ਮੀਟਿੰਗ ਹੋਈ। ਇਸ ਵਿੱਚ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਇਸ ਦੇ ਨਿਪਟਾਰੇ ਲਈ ਸਸਤੇ ਤੇ ਸੁਖਾਲੇ ਵਿਕਲਪ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ।
ਪੰਜਾਬ ਤੇ ਹਰਿਆਣਾ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ’ਤੇ ਵਿਸ਼ੇਸ਼ ਨਜ਼ਰ
ਕੇਂਦਰ ਨੇ ਪੰਜਾਬ ਅਤੇ ਹਰਿਆਣਾ ਦੇ ਪਰਾਲੀ ਸਾੜਨ ਦੀਆਂ ਘਟਨਾਵਾਂ ਪੱਖੋਂ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਪਛਾਣ ਕਰਨ ਵਾਲੀ ਪ੍ਰਣਾਲੀ ’ਤੇ ਵੀ ਧਿਆਨ ਦੇਣ ਲਈ ਕਿਹਾ ਗਿਆ ਹੈ। ਖ਼ਾਸ ਤੌਰ ’ਤੇ ਦੁਪਹਿਰ 3 ਵਜੇ ਤੋਂ ਬਾਅਦ ਸੈਟੇਲਾਈਟ ਨਿਗਰਾਨੀ ਵਿਚਕਾਰਲੇ ਸਮੇਂ ਅਤੇ ਇਸ ਦੀ ਪ੍ਰਭਾਵਸ਼ੀਲਤਾ ’ਤੇ ਨਜ਼ਰ ਰੱਖਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਯੂਪੀ ਅਤੇ ਦਿੱਲੀ ਦੀਆਂ ਸਰਕਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪਰਾਲੀ ਤੋਂ ਚਾਰਾ, ਬਿਜਲੀ ਤੇ ਜੈਵਿਕ ਬਾਲਣ ਬਣਾਉਣ ’ਤੇ ਜ਼ੋਰ
ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਵਰਤੋਂ ਚਾਰੇ, ਬਿਜਲੀ ਅਤੇ ਜੈਵਿਕ ਬਾਲਣ ਦੇ ਉਤਪਾਦਨ ਲਈ ਕਰਨ ਦੇ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਦੀ ਹਦਾਇਤ ਦਿੱਤੀ ਹੈ। ਝੋਨੇ ਦੀ ਕਟਾਈ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਵਿਚਕਾਰ ਘੱਟ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰਾਂ ਨੂੰ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਵਿੱਚ ਮੁਸ਼ਕਲ ਨਾ ਆਵੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਇਆ ਜਾ ਸਕੇ।
