ਕਲਗੀਧਰ ਟਰੱਸਟ ਬੜੂ ਸਾਹਿਬ ਨੇ ਚੁੱਕੀ ਪਰਵਿੰਦਰ ਸਿੰਘ ਝੋਟਾ ਦੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ
12ਵੀਂ ਜਮਾਤ ਤੱਕ ਮੁਆਫ਼ ਹੋਵੇਗੀ ਦੋਵਾਂ ਬੱਚਿਆਂ ਦੀ ਫ਼ੀਸ, ਉਚੇਰੀ ਸਿੱਖਿਆ ਲਈ ਵੀ ਦਿੱਤਾ ਜਾਵੇਗਾ ਸਹਿਯੋਗ
Kalgidhar Trust Baru Sahib Free Education for Jhota Children: ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨਾਲ ਜਿੱਥੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ, ਉੱਥੇ ਹੀ ਇਸ ਦੁੱਖ ਦੀ ਘੜੀ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਨੇ ਪੀੜਤ ਪਰਿਵਾਰ ਦੀ ਮਦਦ ਲਈ ਅਹਿਮ ਪਹਿਲ ਕੀਤੀ ਹੈ। ਟਰੱਸਟ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ-ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਅਤੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਔਖੇ ਸਮੇਂ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਦੋਵੇਂ ਬੱਚੇ ਅਕਾਲ ਅਕੈਡਮੀ ਜਵਾਹਰਕੇ ਵਿਖੇ ਪੜ੍ਹਦੇ ਹਨ। ਟਰੱਸਟ ਵੱਲੋਂ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਜਮਾਤ ਤੱਕ ਦੀ ਪੂਰੀ ਫ਼ੀਸ ਮੁਆਫ਼ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ। ਇਸ ਦੇ ਨਾਲ ਹੀ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵੀ ਭਵਿੱਖ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਲੈ ਕੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰਕੇ ਭਵਿੱਖ ਵਿੱਚ ਆਤਮ-ਨਿਰਭਰ ਬਣ ਸਕਣ।
ਜ਼ਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ। ਪਰਵਿੰਦਰ ਸਿੰਘ ਝੋਟਾ ਦੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਇਹ ਫ਼ੈਸਲਾ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਲਈ ਵੱਡਾ ਸਹਾਰਾ ਬਣ ਸਕਦਾ ਹੈ ਅਤੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ।
