10 ਸਾਲਾਂ ’ਚ ਨਸ਼ਿਆਂ ਕਾਰਨ 7,776 ਮੌਤਾਂ, ਪਰ ਇੱਕ ਵੀ ਨਸ਼ਾ ਤਸਕਰ ਨੂੰ ਫਾਂਸੀ ਨਹੀਂ: ਵਿਧਾਇਕ ਚੱਢਾ
7776 deaths due to drugs in 10 years: ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਦੇਸ਼ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਐਨਡੀਪੀਐਸ ਐਕਟ ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਨਸ਼ਿਆਂ ਕਾਰਨ 7,776 ਮੌਤਾਂ ਹੋਈਆਂ ਹਨ, ਜੋ ਔਸਤਨ ਹਰ ਸਾਲ ਲਗਭਗ 777 ਮੌਤਾਂ ਬਣਦੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਮੁਤਾਬਕ ਹੁਣ ਤੱਕ ਕਿਸੇ ਵੀ ਨਸ਼ਾ ਤਸਕਰ ਨੂੰ ਫਾਂਸੀ ਨਹੀਂ ਦਿੱਤੀ ਗਈ।
ਚੱਢਾ ਨੇ ਕਿਹਾ ਕਿ 1989 ਵਿੱਚ ਐਨਡੀਪੀਐਸ ਐਕਟ ਦੀ ਧਾਰਾ 31ਏ ਰਾਹੀਂ ਕੁਝ ਖ਼ਾਸ ਹਾਲਾਤ ਵਿੱਚ ਨਸ਼ਾ ਤਸਕਰੀ ਦੇ ਅਪਰਾਧਾਂ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਸੀ, ਪਰ ਇਹ ਪ੍ਰਬੰਧ ਅਮਲ ਵਿੱਚ ਮਹਿਜ਼ ਕਾਗਜ਼ੀ ਹਥਿਆਰ ਬਣ ਕੇ ਰਹਿ ਗਿਆ ਹੈ।
ਉਨ੍ਹਾਂ ਸਵਾਲ ਉਠਾਇਆ ਕਿ ਸਰਹੱਦਾਂ ਤੋਂ ਲੈ ਕੇ ਸੂਬਿਆਂ ਤੱਕ ਨਸ਼ਾ ਪਹੁੰਚਾਉਣ ਵਾਲੇ ਮਾਫ਼ੀਆ ਵਿਰੁੱਧ ਸਖ਼ਤ ਕਾਰਵਾਈ ਕਿਉਂ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਅਜਾਈਂ ਨਹੀਂ ਜਾਣੀ ਚਾਹੀਦੀ।
ਵਿਧਾਇਕ ਚੱਢਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਾਨੂੰਨ ਵਿੱਚ ਤੁਰੰਤ ਸੋਧ ਕੀਤੀ ਜਾਵੇ ਅਤੇ ਸਰਹੱਦਾਂ ’ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ।