ਅਮਿਤ ਸ਼ਾਹ ਨੇ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
- ਪਰਵਿੰਦਰ ਝੋਟਾ ਕਤਲ ਮਾਮਲੇ ’ਚ ਕੱਲ੍ਹ ਮਾਨਸਾ ਪਹੁੰਚੇਗੀ ਸੀਬੀਆਈ ਟੀਮ: ਅਮਿਤ ਸ਼ਾਹ
- 1-2 ਦਿਨਾਂ ’ਚ ਇਨਸਾਫ਼ ਮਿਲਣ ਦਾ ਭਰੋਸਾ
- ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 2-3 ਮਹੀਨਿਆਂ ਦਾ ਦਿੱਤਾ ਸਮਾਂ
Amit Shah met with Parvinder Jhota’s family: ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੌਰੇ ਦੌਰਾਨ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਿਵਾਰ ਮੁਤਾਬਕ, ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਬੁੱਧਵਾਰ ਨੂੰ ਦੁਪਹਿਰ 12 ਵਜੇ ਸੀਬੀਆਈ ਦੀ ਟੀਮ ਮਾਨਸਾ ਪਹੁੰਚ ਜਾਵੇਗੀ ਅਤੇ ਮਾਮਲੇ ਦੀ ਜਾਂਚ ਅੱਗੇ ਵਧਾਈ ਜਾਵੇਗੀ। ਝੋਟਾ ਦੇ ਪਿਤਾ ਭੀਮ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਇੱਕ-ਦੋ ਦਿਨਾਂ ਵਿੱਚ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ ਹੈ। ਪਰਵਿੰਦਰ ਝੋਟਾ ਦਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਵੀ ਮਿਲੇ ਅਮਿਤ ਸ਼ਾਹ
ਮਾਨਸਾ ਜਾਣ ਤੋਂ ਪਹਿਲਾਂ ਅਮਿਤ ਸ਼ਾਹ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਹਲਕੇ ਅਧੀਨ ਪੈਂਦੇ ਪਿੰਡ ਤੂਰ ਬੰਜਾਰਾ ਵਿੱਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਸਨ। ਗੁਲਜ਼ਾਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਸੀ। ਪਰਿਵਾਰ ਦਾ ਦੋਸ਼ ਹੈ ਕਿ ‘ਆਪ’ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਸਵਾਲ ਪੁੱਛਣ ਕਾਰਨ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਸੀ। ਪਰਿਵਾਰ ਮੁਤਾਬਕ, ਅਮਿਤ ਸ਼ਾਹ ਨੇ ਉਨ੍ਹਾਂ ਨੂੰ ਦੋ ਤੋਂ ਤਿੰਨ ਮਹੀਨਿਆਂ ਵਿੱਚ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਨਸਾਫ਼ ਦਿਵਾਉਣ ਤੋਂ ਬਾਅਦ ਉਹ ਗੁਲਜ਼ਾਰ ਸਿੰਘ ਦੇ ਭੋਗ ’ਤੇ ਆਉਣਗੇ।
ਗੁਰਦਾਸਪੁਰ ’ਚ ਬਿਕਰਮਜੀਤ ਦੇ ਪਰਿਵਾਰ ਨਾਲ ਮੁਲਾਕਾਤ
ਪੰਜਾਬ ਦੌਰੇ ਦੇ ਪਹਿਲੇ ਪੜਾਅ ਵਿੱਚ ਗ੍ਰਹਿ ਮੰਤਰੀ ਨੇ ਗੁਰਦਾਸਪੁਰ ਵਿੱਚ ਨਸ਼ਿਆਂ ਦਾ ਵਿਰੋਧ ਕਰਨ ਕਾਰਨ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕਰੀਬ 15 ਮਿੰਟ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਿਕਰਮਜੀਤ ਦੀ ਮਾਤਾ ਸੁਰਜੀਤ ਕੌਰ ਦੇ ਪੈਰ ਛੂਹੇ। ਪਰਿਵਾਰ ਨੂੰ ਮਾਮਲੇ ਦੀ ਸੀਬੀਆਈ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਪਹਿਲਾਂ ਹੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗ ਚੁੱਕਾ ਹੈ। ਉੱਧਰ, ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਐਲਾਨ ਕੀਤਾ ਸੀ।